Headlines

ਸਰਹਾਲੀ ਦੇ ਸਾਬਕਾ ਐਸ ਐਚ ਓ ਸੁਰਿੰਦਰਪਾਲ ਨੂੰ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿਚ 10 ਸਾਲ ਕੈਦ ਦੀ ਸਜ਼ਾ

ਮੁਹਾਲੀ 23 ਦਸੰਬਰ ( ਦੇ ਪ੍ਰ ਬਿ)- ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 32 ਸਾਲ ਪੁਰਾਣੇ ਅਗਵਾ, ਗੈਰ-ਕਾਨੂੰਨੀ ਹਿਰਾਸਤ ਅਤੇ ਗੁੰਮਸ਼ੁਦਗੀ ਮਾਮਲੇ ਦਾ ਨਿਬੇੜਾ ਕਰਦਿਆਂ ਜਿਲਾ ਤਰਨ ਤਾਰਨ ਦੇ ਥਾਣਾ ਸਰਹਾਲੀ  ਦੇ ਸਾਬਕਾ ਐੱਸ ਐੱਚ ਓ ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਮੰਨਦਿਆਂ 10 ਸਾਲ ਦੀ ਸਜ਼ਾ ਸੁਣਾਈ ਹੈ, ਜਦਕਿ ਦੂਸਰੇ ਨਾਮਜ਼ਦ ਦੋਸ਼ੀ ਏ ਐੱਸ ਆਈ ਅਵਤਾਰ ਸਿੰਘ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਦੋਸ਼ੀ ਐੱਸਐੱਚਓ ਨੂੰ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨਾ, ਧਾਰਾ 120-ਬੀ ਤਹਿਤ 10 ਸਾਲ ਦੀ ਕੈਦ ਤੇ ਦੋ ਲੱਖ ਰੁਪਏ, ਧਾਰਾ 365 ਤਹਿਤ ਸੱਤ ਸਾਲ ਦੀ ਕੈਦ ਤੇ 70 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 342 ਤਹਿਤ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।  ਦੋਸ਼ੀ ਸੁਰਿੰਦਰਪਾਲ ਸਿੰਘ ਪਹਿਲਾਂ ਹੀ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਅਗਵਾ ਤੇ ਕਤਲ ਕੇਸ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਤਹਿਤ ਜੇਲ੍ਹ ਵਿੱਚ ਬੰਦ ਹੈ।ਉਹ ਪਿੰਡ ਜੀਓ ਬਾਲਾ (ਤਰਨ ਤਾਰਨ) ਦੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਕੇਸ ਵਿੱਚ ਵੀ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਤਾਜ਼ਾ ਫੈਸਲੇ ਮੁਤਾਬਿਕ ਸਾਬਕਾ ਐੱਸਐੱਚਓ ਸੁਰਿੰਦਰਪਾਲ ਸਿੰਘ ਉਪਰ ਸੁਤੰਤਰਤਾ ਸੈਨਾਨੀ ਸੁਲੱਖਣ ਸਿੰਘ ਅਤੇ ਉਸ ਦੇ ਜਵਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਪੋਕੇ (ਤਰਨ ਤਾਰਨ) ਦੇ ਵਾਈਸ ਪ੍ਰਿੰਸੀਪਲ ਸੁਖਦੇਵ ਸਿੰਘ ਨੂੰ 31 ਅਕਤੂਬਰ 1990 ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਤੇ ਲਾਪਤਾ ਕਰਨ ਦੇ ਦੋਸ਼ ਹਨ।

ਪੀੜਤ ਪਰਿਵਾਰ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਸਰਬਜੀਤ ਸਿੰਘ ਵੇਰਕਾ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਜਿਸ ਥਾਣੇਦਾਰ ਏਐੱਸਆਈ ਅਵਤਾਰ ਸਿੰਘ ਨੇ ਦੋਵਾਂ ਨੂੰ ਚੁੱਕਿਆ ਸੀ, ਉਸ ਨੇ ਪੀੜਤ ਪਰਿਵਾਰ ਨੂੰ ਇਹ ਦੱਸਿਆ ਸੀ ਕਿ ਸੁਲੱਖਣ ਸਿੰਘ ਅਤੇ ਸੁਖਦੇਵ ਸਿੰਘ ਨੂੰ ਐੱਸਐੱਚਓ ਸੁਰਿੰਦਰਪਾਲ ਸਿੰਘ ਨੇ ਪੁੱਛ-ਪੜਤਾਲ ਲਈ ਸੱਦਿਆ ਹੈ। ਦੋਵਾਂ ਨੂੰ ਤਿੰਨ ਦਿਨ ਤੱਕ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਤੇ ਬਾਅਦ ’ਚ ਉਨ੍ਹਾਂ ਦਾ ਕੁੱਝ ਪਤਾ ਨਹੀਂ ਲੱਗਾ। ਇਸ ਮਾਮਲੇ ਵਿੱਚ ਵਾਈਸ ਪ੍ਰਿੰਸੀਪਲ ਸੁਖਦੇਵ ਸਿੰਘ ਦੀ ਪਤਨੀ ਸੁਖਵੰਤ ਕੌਰ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਕੇ ਕਿਹਾ ਕਿ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਸਾਲ 2003 ਵਿੱਚ ਕੁਝ ਪੁਲੀਸ ਮੁਲਾਜ਼ਮਾਂ ਨੇ ਸੁਖਵੰਤ ਕੌਰ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਖਾਲੀ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾ ਲਏ ਅਤੇ ਕੁਝ ਦਿਨਾਂ ਬਾਅਦ ਉਸ ਨੂੰ ਸੁਖਦੇਵ ਸਿੰਘ ਦਾ ਮੌਤ ਦਾ ਸਰਟੀਫਿਕੇਟ ਸੌਂਪ ਦਿੱਤਾ, ਜਿਸ ਵਿੱਚ 8 ਜੁਲਾਈ 1993 ਨੂੰ ਉਸ ਦੀ ਮੌਤ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਪੀੜਤ ਪਰਿਵਾਰ ਅਨੁਸਾਰ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਦੀ ਮੌਤ ਤਸ਼ੱਦਦ ਕਾਰਨ ਹੋਈ ਸੀ। ਉਨ੍ਹਾਂ ਅਨੁਸਾਰ ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਹਰੀਕੇ ਨਹਿਰ ਵਿੱਚ ਸੁੱਟ ਦਿੱਤੀਆਂ ਸਨ।

 

Leave a Reply

Your email address will not be published. Required fields are marked *