Headlines

ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਵਲੋਂ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ

ਮਰਨ ਵਰਤ ਮੰਗਾਂ ਮਨਵਾਉਣ ਲਈ ਹੈ ਨਾਕਿ ਮੀਟਿੰਗ ਲਈ ਸਮਾਂ ਲੈਣ ਵਾਸਤੇ-

ਚੰਡੀਗੜ੍ਹ ( ਦੇ ਪ੍ਰ ਬਿ)- ਸਰਕਾਰ ਵਲੋਂ ਮੰਨੀਆਂ ਮੰਗਾਂ ਨੂੰ ਲਾਗਾ ਕਰਵਾਉਣ ਲਈ  ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਵੱਲੋਂ ਡਾਕਟਰੀ ਸਹਾਇਤਾ ਦੇਣ ਲਈ ਤੈਅ ਕੀਤੀ ਸਮਾਂ ਸੀਮਾ ਖ਼ਤਮ ਹੋਣ ਤੋਂ ਐਨ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਕੇਂਦਰ ਸਰਕਾਰ ਨੇ ਵੀ ਜਥੇਬੰਦੀ ਨੂੰ ਗੱਲਬਾਤ ਦਾ ਸੱਦਾ ਦਿੱਤੇ ਜਾਣ ਤੋਂ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ ਹੈ। ਬੇਸ਼ੱਕ  ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਅਮਲ ’ਚ ਲਿਆਉਣ ਲਈ ਉਪਰਾਲੇ ਕੀਤੇ ਪ੍ਰੰਤੂ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ ਹੈ।

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਡੱਲੇਵਾਲ ਨੇ ਸਪੱਸ਼ਟ ਲਫ਼ਜ਼ਾਂ ’ਚ ਆਖ ਦਿੱਤਾ ਹੈ ਕਿ ਜੇ ਕੇਂਦਰ ਸਰਕਾਰ ਗੱਲਬਾਤ ਲਈ ਰਾਹ ਖੋਲ੍ਹਦੀ ਹੈ ਤਾਂ ਵੀ ਉਹ ਕੋਈ ਮੈਡੀਕਲ ਸਹਾਇਤਾ ਨਹੀਂ ਲੈਣਗੇ। ਕੋਟੜਾ ਨੇ ਦੱਸਿਆ ਕਿ ਅੱਜ ਵਿਚਾਰ-ਚਰਚਾ ਦੌਰਾਨ ਡੱਲੇਵਾਲ ਨੇ ਆਖਿਆ ਹੈ ਕਿ ਉਨ੍ਹਾਂ ਦਾ ਮਰਨ ਵਰਤ ਮੀਟਿੰਗ ਲਈ ਸਮਾਂ ਲੈਣ ਵਾਸਤੇ ਨਹੀਂ ਬਲਕਿ ਮੰਗਾਂ ਨੂੰ ਲਾਗੂ ਕਰਾਉਣ ਵਾਸਤੇ ਹੈ।

ਦੋ ਦਿਨਾਂ ਤੋਂ ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹੇਗੀ ਪਰ ਹੁਣ ਇਹ ਆਸਾਰ ਮੱਧਮ ਪੈਣ ਲੱਗ ਪਏ ਹਨ। ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲ ਲਈ ਬਜ਼ਿੱਦ ਜਾਪਦੇ ਹਨ ਕਿ ਕਿਸਾਨਾਂ ’ਤੇ ਕਿਸੇ ਵੀ ਸੂਰਤ ਵਿਚ ਸਰਕਾਰ ਕੋਈ ਜ਼ਬਰਦਸਤੀ ਨਹੀਂ ਕਰੇਗੀ। ਇਸ ਦੌਰਾਨ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਬਿਆਨ ਤੋਂ ਇਹ ਸੰਕੇਤ ਮਿਲਦੇ ਹਨ ਕਿ ਕੇਂਦਰ ਆਪਣੇ ਤੌਰ ’ਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਨਹੀਂ ਕਰੇਗਾ। ਵੈਸ਼ਨਵ ਨੇ ਕਿਹਾ ਹੈ ਕਿ ਹਰਿਆਣਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਨੇ ਵਿਕਾਸ ਦੇ ਮੱਦੇਨਜ਼ਰ ਭਾਜਪਾ ਨੂੰ ਵੋਟਾਂ ਪਾਈਆਂ ਹਨ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 31 ਦਸੰਬਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਜੇ ਕੇਂਦਰ ਵੱਲੋਂ ਗੱਲਬਾਤ ਕਰਨ ਦੀ ਤਜਵੀਜ਼ ਨੂੰ ਸਵੀਕਾਰ ਕੀਤਾ ਜਾਂਦਾ ਹੈ ਤਾਂ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਸਹਿਮਤ ਹੋ ਜਾਣਗੇ। ਪਰ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

Leave a Reply

Your email address will not be published. Required fields are marked *