ਪੁਲਿਸ ਵਲੋਂ ਸ਼ਰਾਰਤੀ ਗ੍ਰਿਫਤਾਰ-
ਅੰਮ੍ਰਿਤਸਰ ( ਦੇ ਪ੍ਰ ਬਿ)- 26 ਜਨਵਰੀ ਦੀ ਸ਼ਾਮ ਨੂੰ ਇਕ ਵਿਅਕਤੀ ਨੇ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਹੈਰੀਟੇਜ ਸਟਰੀਟ ’ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ ਅੰਬੇਦਕਰ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ।ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਅਕਾਸ਼ਦੀਪ ਸਿੰਘ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਮੁਲਜ਼ਮ ਨੇ ਬੁੱਤ ਨੂੰ ਤੋੜਨ ਲਈ ਹਥੌੜੇ ਦੀ ਵਰਤੋਂ ਕੀਤੀ ਅਤੇ ਬੁੱਤ ਦੇ ਸਾਹਮਣੇ ਪੱਥਰ ਨਾਲ ਉੱਕਰੀ ਸੰਵਿਧਾਨ ਦੀ ਕਿਤਾਬ ਨੂੰ ਵੀ ਸਾੜਨ ਦਾ ਯਤਨ ਕੀਤਾ।
ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਘਟਨਾ ਪਿੱਛੇ ਸ਼ਰਾਰਤ ਦੀ ਸਾਜਿਸ਼ ਜਾਂ ਕਾਰਣਾਂ ਦਾ ਅਜੇ ਪਤਾ ਨਹੀਂ ਲੱਗਾ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਡਾ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਸੋਮਵਾਰ ਨੂੰ ਐਕਸ ‘ਤੇ ਇਕ ਪੋਸਟ ਵਿਚ ਸੀਐਮ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
-ਅਕਾਲੀ ਦਲ ਵਲੋਂ ਜਾਂਚ ਦੀ ਮੰਗ-
ਸ਼੍ਰੋਮਣੀ ਅਕਾਲੀ ਦਲ ਨੇ ਡਾ ਅੰਬੇਦਕਰ ਦਾ ਬੁੱਤ ਤੋੜੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਇੱਕ ਸ਼ਰਮਨਾਕ ਘਟਨਾ ਹੈ ਅਤੇ ਇਸਨੇ ਦੁਨੀਆ ਭਰ ਦੇ ਲੱਖਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸੂਬੇ ਵਿੱਚ ਕਾਨੂੰਨ ਦੀ ਵਿਵਸਥਾ ਨੂੰ ਉਜਾਗਰ ਕਰ ਦਿੱਤਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਘਟਨਾ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿੱਚੋਂ ਇੱਕ ‘ਤੇ ਵਾਪਰੀ ਅਤੇ ਉਹ ਵੀ ਇਤਿਹਾਸਕ ਗਣਤੰਤਰ ਦਿਵਸ ਦੇ ਮੌਕੇ ‘ਤੇ ਜਦੋਂ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਵੱਧ ਤੋਂ ਵੱਧ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ। ਉਹਨਾਂ ਹੋਰ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਕਾਰਵਾਈ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਲੋੜ ਹੈ।