ਚੰਡੀਗੜ੍ਹ ( ਦੇ ਪ੍ਰ ਬਿ)-ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਭਗਵੰਤ ਮਾਨ ਸਰਕਾਰ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬੀਤੇ ਦਿਨ ਉਹਨਾਂ ਚੰਡੀਗੜ ਸਥਿਤ ਦਫਤਰ ਵਿਚ ਆਪਣਾ ਇਹ ਅਹੁਦਾ ਸੰਭਾਲ ਲਿਆ। ਇਸ ਮੌਕੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਸੁੱਖੀ ਦੇ ਪੁੱਤਰ ਡਾ. ਸਿਧਾਂਤ ਲੋਚਵ ਤੇ ਡਾ. ਨਿਸ਼ਾਂਤ ਲੋਚਵ ਸਣੇ ਹੋਰ ਪਰਿਵਾਰਕ ਮੈਂਬਰ ਤੇ ਸਮਰਥਕ ਮੌਜੂਦ ਸਨ। ਚੇਅਰਮੈਨ ਦਾ ਅਹੁਦਾ ਸੰਭਾਲਣ ਮਗਰੋਂ ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ’ਤੇ ਖਰਾ ਉਤਰਨ ਦਾ ਅਹਿਦ ਲਿਆ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਪ੍ਰਗਟਾਇਆ ਕਿ ਡਾ. ਸੁੱਖੀ ਦੀ ਅਗਵਾਈ ਹੇਠ ਕਾਰਪੋਰੇਸ਼ਨ ਨਵੀਆਂ ਬੁਲੰਦੀਆਂ ਨੂੰ ਛੋਹੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਨਛੱਤਰ ਪਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਸੁਧਾਰ ਟਰੱਸਟ ਨਵਾਂ ਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਜਸਵੀਰ ਸਿੰਘ ਗੜ੍ਹੀ ਵੀ ਹਾਜ਼ਰ ਸਨ।