ਚੰਡੀਗੜ੍ਹ (ਭੰਗੂ)-
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦਰਜਨ ਦੇ ਕਰੀਬ ਸੂਬਾਈ ਕਿਸਾਨ ਆਗੂਆਂ ਸਣੇ ਸੈਂਕੜੇ ਜ਼ਿਲ੍ਹਾ ਤੇ ਬਲਾਕ ਪੱਧਰੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਘਰਾਂ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀਆਂ ਸੈਂਕੜੇ ਟੀਮਾਂ ਵੱਲੋਂ ਦੇਰ ਰਾਤ ਤੋਂ ਹੀ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰੇ ਗਏ। ਇਸ ਦੌਰਾਨ ਪੁਲੀਸ ਨੇ ਬਲਬੀਰ ਸਿੰਘ ਰਾਜੇਵਾਲ ਤੇ ਜੰਗਵੀਰ ਸਿੰਘ ਚੌਹਾਨ, ਗੁਰਮੀਤ ਸਿੰਘ ਭੱਟੀਵਾਲ, ਨਛੱਤਰ ਸਿੰਘ ਜੈਤੋ, ਵੀਰਪਾਲ ਸਿੰਘ ਢਿੱਲੋਂ, ਬਿੰਦਰ ਸਿੰਘ, ਗੁਰਨਾਮ ਭੀਖੀ ਤੇ ਹਰਮੇਸ਼ ਸਿੰਘ ਢੇਸੀ ਨੂੰ ਉਨ੍ਹਾਂ ਦੇ ਘਰੋਂ ਹੀ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਤੋਂ ਇਲਾਵਾ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ, ਜਗਮੋਹਨ ਸਿੰਘ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਸਤਨਾਮ ਸਿੰਘ ਅਜਨਾਲਾ, ਗੁਰਮੀਤ ਸਿੰਘ ਮਹਿਮਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸਤਵੰਤ ਸਿੰਘ ਵਜੀਦਪੁਰ ਸਣੇ ਕਈ ਹੋਰ ਸੂਬਾਈ ਆਗੂਆਂ ਦੇ ਘਰਾਂ ’ਤੇ ਵੀ ਛਾਪੇ ਮਾਰੇ ਪਰ ਉਹ ਪੁਲੀਸ ਦੇ ਹੱਥ ਨਾ ਲੱਗ ਸਕੇ। ਪੁਲੀਸ ਵੱਲੋਂ ਅੱਜ ਸਾਰਾ ਦਿਨ ਵੀ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈਣ ਲਈ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਗਏ। ਦੂਜੇ ਪਾਸੇ ਪੁਲੀਸ ਕਾਰਵਾਈ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਤੇ ਹੋਰਨਾਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੇ 18 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੁਜ਼ਾਹਰੇ ਕੀਤੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ। ਇਸ ਬਾਰੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਅੰਗਰੇਜ਼ ਸਿੰਘ ਨੇ ਕਿਹਾ ਕਿ ਲੰਘੇ ਦਿਨ ਮੁੱਖ ਮੰਤਰੀ ਦੇ ਇਸ ਕਿਸਾਨ ਵਿਰੋਧੀ ਵਤੀਰੇ ਖਿਲਾਫ਼ ਕਿਸਾਨਾਂ ਅੰਦਰ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਐਲਾਨ ਅਨੁਸਾਰ 5 ਮਾਰਚ ਨੂੰ ਚੰਡੀਗੜ੍ਹ ’ਚ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਸੀ। ਇਸੇ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਲੰਘੇ ਦਿਨ ਚੰਡੀਗੜ੍ਹ ’ਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਪਰ ਇਹ ਮੀਟਿੰਗ ਬੇਸਿੱਟਾ ਰਹੀ ਹੈ।