ਨਵੀਂ ਦਿੱਲੀ ( ਦਿਓਲ)-ਸੁਪਰੀਮ ਕੋਰਟ ਦੇ ਚੀਫ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਨਕਦੀ ਮਿਲਣ ਦੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਚੀਫ ਜਸਟਿਸ ਨੇ ਦਿੱਲੀ ਹਾਈਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਵੱਲੋਂ ਰਿਪੋਰਟ ਸੌਂਪੇ ਜਾਣ ਮਗਰੋਂ ਅੰਦਰੂਨੀ ਜਾਂਚ ਦਾ ਆਦੇਸ਼ ਦਿੱਤਾ। ਉਨ੍ਹਾਂ ਜਸਟਿਸ ਯਸ਼ਵੰਤ ਵਰਮਾ ਨੂੰ ਕੋਈ ਨਿਆਂਇਕ ਜ਼ਿੰਮੇਵਾਰੀ ਸੌਂਪਣ ਤੋਂ ਵੀ ਰੋਕ ਦਿੱਤਾ। ਤਿੰਨ ਮੈਂਬਰੀ ਜਾਂਚ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਚੀਫ ਜਸਟਿਸ ਜੀਐੱਸ ਸੰਧਾਵਾਲੀਆ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਅਨੂ ਸ਼ਿਵਰਾਮਨ ਸ਼ਾਮਲ ਹਨ।
ਹੋਲੀ ਮੌਕੇ 14 ਮਾਰਚ ਰਾਤ ਨੂੰ ਲਗਪਗ 11:35 ਵਜੇ ਹਾਈਕੋਰਟ ਦੇ ਜੱਜ ਵਰਮਾ ਦੀ ਦਿੱਲੀ ਸਥਿਤ ਰਿਹਾਇਸ਼ ਵਿੱਚ ਅੱਗ ਲੱਗ ਗਈ ਸੀ, ਜਿਸ ਮਗਰੋਂ ਫਾਇਰ ਬ੍ਰਿਗੇਡ ਅੱਗ ਬੁਝਾਉਣ ਪੁੱਜੀ ਸੀ। ਇਸ ਦੌਰਾਨ ਉੱਥੇ ਕਥਿਤ ਤੌਰ ’ਤੇ ਵੱਡੀ ਮਾਤਰਾ ਵਿੱਚ ਨਕਦੀ ਮਿਲੀ ਸੀ। ਹਾਲਾਂਕਿ, ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਅੱਗ ਬੁਝਾਊ ਦਸਤਿਆਂ ਨੂੰ ਨਕਦੀ ਮਿਲਣ ਦੇ ਦਾਅਵਿਆਂ ਤੋਂ ਇਨਕਾਰ ਕਰ ਚੁੱਕੇ ਹਨ।
ਸੁਪਰੀਮ ਕੋਰਟ ਨੇ ਬਿਆਨ ਵਿੱਚ ਕਿਹਾ ਕਿ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਸੌਂਪੀ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਅੰਦਰੂਨੀ ਜਾਂਚ ਦੀ ਰਿਪੋਰਟ ਅਤੇ ਹੋਰ ਦਸਤਾਵੇਜ਼ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਸਿਖ਼ਰਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸੂਚਨਾ ਪ੍ਰਾਪਤ ਹੋਣ ’ਤੇ ਜਸਟਿਸ ਉਪਾਧਿਆਏ ਨੇ ਸਬੂਤ ਤੇ ਸੂਚਨਾ ਇਕੱਤਰ ਕਰਨ ਲਈ ਅੰਦਰੂਨੀ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ। ਜਸਟਿਸ ਉਪਾਧਿਆਏ ਨੇ 20 ਮਾਰਚ ਨੂੰ ਕੌਲਿਜੀਅਮ ਦੀ ਮੀਟਿੰਗ ਤੋਂ ਪਹਿਲਾਂ ਹੀ ਜਾਂਚ ਸ਼ੁਰੂ ਕਰ ਦਿੱਤੀ ਸੀ।