ਖੇਤੀ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 2023 ਦੇ ਮੁਕਾਬਲੇ 47 ਫ਼ੀਸਦ ਦਾ ਵਾਧਾ ਹੋਣ ਦਾ ਦਾਅਵਾ
ਚੰਡੀਗੜ੍ਹ, 31 ਮਾਰਚ
ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫ਼ੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।