Headlines

ਲਾਲਚ ਨਾਲ ਧਰਮ ਪਰਿਵਰਤਨ ਕਰਵਾਉਣਾ ਮਾੜਾ: ਗੜਗੱਜ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸਿੱਖੀ ਦੇ ਪ੍ਰਚਾਰ, ਪ੍ਰਸਾਰ ਲਈ ਮੁਹਿੰਮ ਚਲਾਉਣ ਦਾ ਐਲਾਨ; ਮਾਲਵਾ ਵਿੱਚ ਕਰਵਾਏ ਜਾਣਗੇ ਗੁਰਮਤਿ ਸਮਾਗਮ

ਮਾਨਸਾ, 31 ਮਾਰਚ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗਰੀਬਾਂ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣਾ ਬਹੁਤ ਮਾੜੀ ਗੱਲ ਹੈ। ਉਹ ਅੱਜ ਇੱਥੋਂ ਨੇੜਲੇ ਪਿੰਡ ਝੱਬਰ ਵਿੱਚ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਨਿਵਾਸ ਸਥਾਨ ’ਤੇ ਪਹੁੰਚੇ ਸਨ। ਸ੍ਰੀ ਗੜਗੱਜ ਨੇ ਕਿਹਾ ਕਿ ਕੁੱਝ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਆਰਥਿਕ ਮਜਬੂਰੀਆਂ ਦਾ ਲਾਲਚ ਦੇ ਕੇ ਕੁੱਝ ਸੰਗਠਨ ਪੰਜਾਬ ਤੇ ਹੋਰਨਾਂ ਸੂਬਿਆਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਤੇਜ਼ੀ ਨਾਲ ਬੱਚਿਆਂ ਅਤੇ ਆਮ ਲੋਕਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧਰਮ ਪਰਿਵਰਤਨ ਦੇ ਪਿੱਛੇ ਗੈਬੀ ਸ਼ਕਤੀਆਂ ਅਤੇ ਕਰਾਮਾਤਾਂ ਨਾਲ ਲੋਕਾਂ ਦਾ ਇਲਾਜ ਕਰਨ, ਆਰਥਿਕ ਤੌਰ ’ਤੇ ਝੰਬੇ ਗਰੀਬ ਸਿੱਖ ਪਰਿਵਾਰਾਂ ਨੂੰ ਮਾਮੂਲੀ ਆਰਥਿਕ ਮੱਦਦ ਦੇ ਕੇ ਉਨ੍ਹਾਂ ਨੂੰ ਹੋਰ ਧਰਮਾਂ ਨਾਲ ਜੋੜਿਆ ਜਾ ਰਿਹਾ ਹੈ, ਜੋ ਸਿੱਖੀ ’ਤੇ ਇਕ ਬਹੁਤ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਕਾਲ ਤਖ਼ਤ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਪਿੰਡ ਦੇ ਹਰ ਗਰੀਬ ਘਰ ਤੋਂ ਲੈ ਕੇ ਪਿੰਡਾਂ ਤੇ ਸ਼ਹਿਰਾਂ ਸਿੱਖ ਪਰਿਵਾਰਾਂ ਨਾਲ ਰਾਬਤਾ ਬਣਾਏਗੀ ਤੇ ਕੁੱਝ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਧਰਮ ਪਰਿਵਰਤਨ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਈ ਤੋਂ ਪੰਜਾਬ ਭਰ, ਖਾਸ ਕਰਕੇ ਮਾਲਵਾ ਖੇਤਰ ’ਚ ਵੱਡੇ ਪੱਧਰ ’ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸਤਨਾਮ ਸਿੰਘ ਝੱਬਰ, ਬੇਅੰਤ ਸਿੰਘ, ਬਬਲੀ ਸਿੰਘ, ਗੁਰਮੇਲ ਸਿੰਘ, ਗੁਰਜੀਤ ਸਿੰਘ, ਮਨਧੀਰ ਸਿੰਘ, ਸੁਖਚੈਨ ਸਿੰਘ, ਮੇਜਰ ਸਿੰਘ ਭੋਲਾ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਮਾਹਲ ਸਿੰਘ, ਬਿੰਦਰ ਸਿੰਘ, ਲਛਮਣ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *