Headlines

ਪੰਜਾਬ ’ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ: ਕੇਜਰੀਵਾਲ

ਲੁਧਿਆਣਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਲੋਕਾਂ ਨੂੰ ਸਹੁੰ ਚੁਕਵਾਈ

ਲੁਧਿਆਣਾ, 2 ਅਪਰੈਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦੀ ਅਪੀਲ ਕੀਤੀ। ਉਨ੍ਹਾਂ ਅੱਜ ਲੁਧਿਆਣਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ।

ਕੋਈ ਨਸ਼ਾ ਤਸਕਰ ਸੂਬੇ ’ਚ ਰਹਿਣ ਨਹੀਂ ਦੇਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਤਸਕਰ ਇਹ ਭੁੱਲ ਜਾਣ ਕਿ ਹੁਣ ਉਹ ਕਿਸੇ ਨਸ਼ਾ ਤਸਕਰ ਨੂੰ ਸੂਬੇ ਵਿੱਚ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਪੰਜਾਬ ਛੱਡ ਜਾਣ ਨਹੀਂ ਤਾਂ ਉਨ੍ਹਾਂ ਦਾ ਘਰ ਜੇਲ੍ਹ ਵਿੱਚ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼, ਪਿੰਡਾਂ ਦੀਆਂ ਪੰਚਾਇਤਾਂ ਮਤੇ ਪਾਸ ਕਰ ਰਹੀਆਂ ਹਨ ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਰੱਖਣ ਲਈ ਵਚਨਬੱਧ ਹਨ। ਜੇਕਰ ਕੋਈ ਨਸ਼ਾ ਤਸਕਰ ਦਾਖਲ ਹੁੰਦਾ ਹੈ ਤਾਂ ਪਿੰਡ ਵਾਸੀ ਉਨ੍ਹਾਂ ਦੀ ਰਿਪੋਰਟ ਪੁਲੀਸ ਨੂੰ ਕਰਨ ਦਾ ਵਾਅਦਾ ਕਰ ਰਹੇ ਹਨ। ਉਨ੍ਹਾਂ ਸਵੀਕਾਰ ਕੀਤਾ ਕਿ ਸਿਰਫ਼ ਨਸ਼ੇ ਦੀ ਸਪਲਾਈ ਚੇਨ ਨੂੰ ਹੀ ਨੱਥ ਪਾਉਣਾ ਕਾਫ਼ੀ ਨਹੀਂ ਹੈ। ਨਸ਼ੇੜੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਆਪਕ ਯੋਜਨਾ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇੱਕ ਸੰਪੂਰਨ ਯੋਜਨਾ ਲਿਆਈ ਹੈ।