ਵੀਸ਼ਿੰਗਟ-ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ ਘੱਟ ਕਰਨ ਤੇ ਉਤਪਾਦਨ (ਮੈਨੂਫੈਕਚਰਿੰਗ) ਨੂੰ ਹੱਲਾਸ਼ੇਰੀ ਦੇਣ ਲਈ ਇਹ ਪੇਸ਼ਕਦਮੀ ਜ਼ਰੂਰੀ ਸੀ। ਉਂਝ ਇਸ ਪੇਸ਼ਕਦਮੀ ਨਾਲ ਅਮਰੀਕਾ ਨੇ ਭਾਰਤ ਦੀ ਬਰਾਮਦ ਉੱਤੇ ਅਸਰ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤ ਆਪਣੇ ਰਵਾਇਤੀ ਵਿਰੋਧੀਆਂ ਦੇ ਮੁਕਾਬਲੇ ਬਿਹਤਰ ਸਥਿਤੀ ਵਿਚ ਹੈ, ਜਿਨ੍ਹਾਂ ਨੂੰ ਉਸ ਤੋਂ ਵੱਧ ਟੈਕਸ ਦਾ ਸਾਹਮਣਾ ਕਰਨਾ ਪਏਗਾ।
ਰਾਸ਼ਟਰਪਤੀ ਟਰੰਪ ਨੇ ਆਲਮੀ ਪੱਧਰ ’ਤੇ ਅਮਰੀਕੀ ਉਤਪਾਦਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੇ ਟਾਕਰੇ ਲਈ ਇਤਿਹਾਸਕ ਪੇਸ਼ਕਦਮੀ ਤਹਿਤ ਭਾਰਤ ਸਣੇ ਕਰੀਬ 60 ਮੁਲਕਾਂ ’ਤੇ ਪਰਸਪਰ (ਜਵਾਬੀ) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਦੇ ਰੋਜ਼ ਗਾਰਡਨ ਤੋਂ ਵੱਖ ਵੱਖ ਮੁਲਕਾਂ ਨੂੰ ਟੈਕਸ ਲਗਾਉਣ ਦਾ ਐਲਾਨ ਕਰਦਿਆਂ ਕਿਹਾ, ‘‘ਇਹ ਮੁਕਤੀ ਦਿਹਾੜਾ ਹੈ, ਜਿਸ ਦੀ ਲੰਮੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। ਦੋ ਅਪਰੈਲ 2025 ਨੂੰ ਹਮੇਸ਼ਾ ਲਈ ਉਸ ਦਿਨ ਵਜੋਂ ਯਾਦ ਕੀਤਾ ਜਾਵੇਗਾ, ਜਿਸ ਦਿਨ ਅਮਰੀਕੀ ਉਦਯੋਗ ਦਾ ਪੁਨਰ ਜਨਮ ਹੋਇਆ, ਜਿਸ ਦਿਨ ਅਮਰੀਕਾ ਦੇ ਭਾਗ ਮੁੜ ਖੁੱਲ੍ਹੇ, ਜਿਸ ਦਿਨ ਅਸੀਂ ਅਮਰੀਕਾ ਨੂੰ ਮੁੜ ਤੋਂ ਖ਼ੁਸ਼ਹਾਲ ਬਣਾਉਣ ਦਾ ਕੰਮ ਸ਼ੁਰੂ ਕੀਤਾ। ਅਸੀਂ ਅਮਰੀਕਾ ਨੂੰ ਖ਼ੁਸ਼ਹਾਲ, ਚੰਗਾ ਤੇ ਸਮਰਿੱਧ ਬਣਾਉਣ ਜਾ ਰਹੇ ਹਾਂ।’