Headlines

ਅਕਾਲੀ ਦਲ ਵਲੋਂ ਰੰਧਾਵਾ ਦੁਆਰਾ ਚੋਣ ਕਮਿਸ਼ਨ ਨੂੰ ਲਿਖੇ ਸ਼ਿਕਾਇਤੀ ਪੱਤਰ ਦਾ ਵਿਰੋਧ

ਚੰਡੀਗੜ੍ਹ, 10 ਅਪਰੈਲ-

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੇ ਕਹਿਣ ’ਤੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕੀਤੀਆਂ ਜਾਣ ਅਤੇ ਉਨ੍ਹਾਂ ਬਾਗੀ ਅਕਾਲੀ ਧੜੇ ਨਾਲ ਰਲ ਕੇ ਅਜਿਹਾ ਕੀਤਾ ਹੈ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਹੋਰ ਕੁਝ ਨਹੀਂ ਬਲਕਿ ਅਕਾਲੀ ਦਲ ਨੂੰ ਮੁੜ ਮੈਦਾਨ ਵਿਚ ਨਿਤਰਣ ਤੋਂ ਰੋਕਣ ਦਾ ਅਸਫਲ ਯਤਨ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਗੀ ਧੜੇ ਨੇ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਕੰਮ ਕੀਤਾ ਤੇ ਹੁਣ ਕਾਂਗਰਸ ਨਾਲ ਹੱਥ ਸਾਂਝੇ ਕਰ ਲਏ ਹਨ। ਇਸ ਨਾਲ ਬਾਗੀ ਧੜਾ ਬਿਲਕੁਲ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਹ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੋਂ ਡਰਦੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਕਹਿੰਦਾ ਆ ਰਿਹਾ ਹੈ ਕਿ ਬਾਗੀ ਧੜਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਨੂੰ ਧਰਮ ਨਾਲ ਜੋੜਨ ਦਾ ਯਤਨ ਕਰ ਰਿਹਾ ਹੈ ਅਤੇ ਇਸ ਦੀ ਮਾਨਤਾ ਰੱਦ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਬਾਗੀ ਧੜੇ ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਗੰਢਤੁੱਪ ਨੇ ਇਸ ਨੂੰ ਬੇਨਕਾਬ ਕਰ ਦਿੱਤਾ ਹੈ।

ਧਾਰਮਿਕ ਸਥਾਨ ਦੀ ਹਦੂਦ ਅੰਦਰ ਇਜਲਾਸ ਕਰਨਾ ਨਿਯਮਾਂ ਦੀ ਉਲੰਘਣਾ- ਰੰਧਾਵਾ-

ਚੰਡੀਗੜ੍ਹ-ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਸਰਕਾਰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪਰੈਲ ਨੂੰ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਸੰਸਦ ਮੈਂਬਰ ਰੰਧਾਵਾ ਨੇ ਪਹਿਲਾਂ ਵੀ ਇਸ ਬਾਰੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਅੰਦਰੂਨੀ ਚੋਣ ਪ੍ਰਕਿਰਿਆ ’ਚ ਤਕਨੀਕੀ ਤੇ ਵਿੱਤੀ ਗੜਬੜ ਹੋਣ ਦੀ ਗੱਲ ਆਖੀ ਹੈ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ 12 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਡੈਲੀਗੇਟ ਇਜਲਾਸ ਹੋਣਾ ਹੈ। ਰੰਧਾਵਾ ਨੇ ਪੱਤਰ ’ਚ ਕਿਹਾ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਪਲੈਕਸ ਵਿੱਚ ਪੈਂਦਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਪਣਾ ਸੰਵਿਧਾਨ ਹੈ। ਸ਼੍ਰੋਮਣੀ ਕਮੇਟੀ ਦੀ ਹਦੂਦ ’ਚ ਧਾਰਮਿਕ ਸਥਾਨ ’ਤੇ ਡੈਲੀਗੇਟ ਇਜਲਾਸ ਕਰਨਾ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ’ਚ ਪਾਰਦਰਸ਼ਤਾ ਨਾ ਹੋਣ ਸਬੰਧੀ ਵਿਚ ਉਂਗਲ ਚੁੱਕੀ ਹੈ।

Leave a Reply

Your email address will not be published. Required fields are marked *