ਵੀਡੀਓ ਜਾਰੀ ਹੋਣ ਤੋਂ ਬਾਅਦ ਪਟਿਆਲਾ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਪਟਿਆਲਾ, 30 ਅਪਰੈਲ
ਪਾਬੰਦੀਸ਼ੁਦਾ ਵਿਦੇਸ਼ੀ ਸਿੱਖ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਕੈਂਟ ਇਲਾਕੇ ਵਿੱਚ ਆਰਮੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਨੂ ਨੇ ਇਸ ਸਬੰਧ ਵਿੱਚ ਇੱਕ ਵੀਡੀਓ ਜਾਰੀ ਕਰਦਿਆਂ ਬੱਚਿਆਂ ਨੂੰ ਇਹ ਵੀਡੀਓ ਅੱਗੇ ਸਾਂਝਾ ਕਰਨ ਦੀ ਅਪੀਲ ਕੀਤੀ ਹੈ।
ਪੰਨੂ ਨੇ ਵੀਡੀਓ ਵਿੱਚ ਦਾਅਵਾ ਕੀਤਾ ਹੈ ਕਿ ਪਟਿਆਲਾ ਦੇ ਆਰਮੀ ਕੈਂਟ ਨੇੜੇ ‘ਪਾਕਿਸਤਾਨ-ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਗਏ ਹਨ। ਪੰਨੂ ਵੱਲੋਂ ਜਾਰੀ ਕੀਤੇ ਗਏ ਵੀਡੀਓ ਵਿੱਚ ਨਾਲ ਦੀ ਇੱਕ ਕੰਧ ’ਤੇ ਖਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦਾ ਕਥਿਤ ਵੀਡੀਓ ਵੀ ਚੱਲ ਰਿਹਾ ਹੈ।
ਅਤਿਵਾਦੀ ਪੰਨੂ ਨੇ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਕਿਹਾ ਹੈ ਕਿ ਪਾਕਿਸਤਾਨ ਨਾਲ ਜੰਗ ਵਿੱਚ ਤੁਹਾਡੇ ਪਰਿਵਾਰ ਦੇ ਲੋਕ ਮਾਰੇ ਜਾ ਸਕਦੇ ਹਨ। ਪੰਨੂ ਵੱਲੋਂ ਪੰਜਾਬ ਦੇ ਆਰਮੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਭੜਕਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ‘ਪੰਜਾਬੀ ਟ੍ਰਿਬਿਊਨ’ ਉਕਤ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ। ਵੀਡੀਓ ਜਾਰੀ ਹੋਣ ਤੋਂ ਬਾਅਦ ਪਟਿਆਲਾ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।