ਜਲੰਧਰ/ਚੰਡੀਗੜ੍ਹ, 23 ਮਈ
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਕਥਿਤ ਤੌਰ ’ਤੇ ਪੰਜਾਬ ਵਿਜੀਲੈਂਸ ਬਿਊਰੋ (VB) ਨੇ ਇੱਕ ਮੰਦਰ ਵਿਚ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਹ ਗ੍ਰਿਫ਼ਤਾਰੀ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਸੁਖਦੇਵ ਵਸ਼ਿਸ਼ਟ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਸਬੰਧਤ ਹੈ, ਜਿਸ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਟੀਮ ਮੋਹਾਲੀ ਨੰਬਰ ਦੀਆਂ ਗੱਡੀਆਂ ਵਿਚ ਅਰੋੜਾ ਦੇ ਘਰ ਪੁੱਜੀ ਹੈ।
ਵਿਜੀਲੈਂਸ ਬਿਊਰੋ ਨੇ ਅੱਜ ਵਿਧਾਇਕ ਰਮਨ ਅਰੋੜਾ ਦੀ ਰਿਹਾਇਸ਼ ’ਤੇ ਛਾਪਾ ਵੀ ਮਾਰਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਕੁਰੱਪਸ਼ਨ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਤੇ ਦੋਸ਼ ਹੈ ਕਿ ਉਹ ਜਲੰਧਰ ਨਗਰ ਨਿਗਮ ਦੇ ਅਫਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦੇ ਸਨ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾ ਦਿੰਦੇ ਸਨ। ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਸਰਕਾਰ ਕਿਸੇ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਇਸ ਸਬੰਧੀ ਲੁਧਿਆਣਾ ਦੇ ਕਿਸੇ ਵਿਧਾਇਕ ਦੇ ਖ਼ਦਸ਼ੇ ਜਤਾਏ ਜਾ ਰਹੇ ਸਨ, ਕਿਉਂਕਿ ਲੁਧਿਆਣਾ ਦੀ ਉਪ ਚੋਣ ਸਿਰ ’ਤੇ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਵਿਜੀਲੈਂਸ ਟੀਮ ਨਾਲ ਘਰ ਵਿੱਚ ਮੌਜੂਦ ਹਨ ਤੇ ਟੀਮ ਵੱਲੋਂ ਜਾਂਚ ਜਾਰੀ ਹੈ।