ਬੰਗਲੂਰੂ, 4 ਜੂਨ-
ਇੰਡੀਅਨ ਪ੍ਰੀਮੀਅਰ ਲੀਗ ਦੇ ਖਿਤਾਬੀ ਮੁਕਾਬਲੇ ਵਿਚ ਰੌਇਲ ਚੈਲੇਂਜਰਜ਼ ਬੰਗਲੂਰੂ ਦੀ ਜਿੱਤ ਤੋਂ ਇੱਕ ਦਿਨ ਬਾਅਦ ਜੇਤੂ ਟੀਮ ਦੀ ਇਕ ਝਲਕ ਪਾਉਣ ਲਈ ਬੁੱਧਵਾਰ ਨੂੰ ਬੰਗਲੂਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹਜ਼ਾਰਾਂ ਦੀ ਗਿਣਤੀ ’ਚ ਇਕੱਤਰ ਪ੍ਰਸੰਸਕਾਂ ਵਿਚ ਭਗਦੜ ਮੱਚਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਭਗਦੜ ਵਿਚ ਗਈਆਂ ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੁੱਖ ਮੰਤਰੀ ਸਿੱਧਾਰਮਈਆ ਨੇ ਭਗਦੜ ਦੀ ਘਟਨਾ ਦੇ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।ਸਿੱਧਾਰਮੱਈਆ ਨੇ ਕਿਹਾ ਹੈ ਕਿ ਭਾਜਪਾ ਇਸ ਹਾਦਸੇ ਨੂੰ ਲੈ ਕੇ ਸਿਆਸਤ ਕਰ ਰਹੀ ਹੈ। ਮੈਂ ਸਿਆਸਤ ਨਹੀਂ ਕਰਨਾ ਚਾਹੁੰਦਾ। ਮੈਂ ਇਸ ਦੁਖਾਂਤ ਦੇ ਬਚਾਅ ਵਿਚ ਕੁਝ ਨਹੀਂ ਕਹਿਣਾ ਚਾਹੁੰਦਾ। ਮੈਜਿਸਟਰੇਟੀ ਜਾਂਚ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।