ਚੰਡੀਗੜ੍ਹ, 3 ਜੁਲਾਈ ( ਦੇ ਪ੍ਰ ਬਿ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ ਸੰਖੇਪ ਸਮਾਗਮ ਦੌਰਾਨ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ ਹੈ। ਉਨ੍ਹਾਂ ਨੂੰ ਇੰਡਸਟਰੀ ਤੇ ਐੱਨ ਆਰ ਆਈ ਮਾਮਲੇ ਵਿਭਾਗ ਦਿੱਤੇ ਗਏ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਜ਼ਾਰਤ ਵਿਚ ਫੇਰਬਦਲ ਤੋਂ ਪਹਿਲਾਂ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਅਸਤੀਫਾ ਦੇਣ ਲਈ ਕਿਹਾ ਸੀ। ਧਾਲੀਵਾਲ ਨੇ ਮੌਕੇ ’ਤੇ ਹੀ ਆਪਣੇ ਅਹੁਦੇ ਤੋਂ ਲਿਖਤੀ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਧਾਲੀਵਾਲ ਤੋਂ ਖੇਤੀ ਅਤੇ ਪੰਚਾਇਤ ਵਿਭਾਗ ਵੀ ਵਾਪਸ ਲੈ ਲਿਆ ਗਿਆ ਸੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਚ ਰੱਖੇ ਸੰਖੇਪ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਅਰੋੜਾ ਨੂੰ ਪੰਜਾਬ ਕੈਬਨਿਟ ਵਿਚ ਇੰਡਸਟਰੀ ਤੇ ਐੱਨਆਰਆਈ ਮਾਮਲੇ ਵਿਭਾਗ ਦਿੱਤਾ ਗਿਆ ਹੈ। ਐੱਨਆਰਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ। ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾਂ ਕੋਲ ਪੇਂਡੂ ਵਿਕਾਸ, ਕਿਰਤ ਅਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ।
