Mar 7, 2026

ਚੰਡੀਗੜ-ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਮੁਲਕ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਿਹਾ ਹੈ ਤਾਂ ਕੇਂਦਰ ਦੇ ਨਾਲ-ਨਾਲ ਬਿਹਾਰ, ਮਹਾਰਾਸ਼ਟਰ, ਦਿੱਲੀ, ਹਰਿਆਣਾ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ਤੇ ਗੁਰਧਾਮਾਂ ’ਤੇ ਅਸਿੱਧੇ ਢੰਗ ਨਾਲ ਹਮਲੇ ਹੋ ਰਹੇ ਹਨ। ਜੇ ਸਰਕਾਰਾਂ ਦਖ਼ਲਅੰਦਾਜ਼ੀ ਬੰਦ ਕਰਦੀਆਂ ਹਨ ਤਾਂ ਇਹ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕੇਂਦਰ ਨੂੰ ਅਜਿਹੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਇਹ ਪੰਜਾਬ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਪਾਰਟੀ ਇਕੱਲਿਆਂ ਹੀ ਲੜੇਗੀ। ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਿਲ੍ਹਾ ਪੱਧਰ ’ਤੇ ਟੀਮਾਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵੱਲੋਂ ਪੰਚਾਇਤੀ ਚੋਣਾਂ ਵਾਂਗ ਇਨ੍ਹਾਂ ਚੋਣਾਂ ਵਿੱਚ ਵੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰ ਪਾਰਟੀ ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕਰੇਗੀ। ਪਾਰਟੀ ਨੇ ਵਕੀਲਾਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜਿਨ੍ਹਾਂ ਵੱਲੋਂ ‘ਆਪ’ ਦੀ ਧੱਕੇਸ਼ਾਹੀ ਵਿਰੁੱਧ ਕਾਨੂੰਨੀ ਲੜਾਈ ਲੜੀ ਜਾਵੇਗੀ।

ਕੋਰ ਕਮੇਟੀ ਵਲੋਂ ਪਾਸ ਮਤੇ-

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਤੋਂ ਪਰਹੇਜ਼ ਕਰਨ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ।

ਕੋਰ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਕਬਜ਼ਾ ਕਰਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਸੰਗਤ ਤੋਂ ਧੋਖੋ ਰਾਹੀਂ ਖੋਹਣ ਅਤੇ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਬਾਰੇ ਯਾਦ ਕਰਵਾਇਆ, ਇਹ ਸਾਰੇ ਕਦਮ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਹੀ ਤਰੀਕਾ ਨਹੀਂ ਸਨ । ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਮਿਸਾਲੀ ਸ਼ਹਾਦਤ ਦਿੱਤੀ ਸੀ।

ਕੋਰ ਕਮੇਟੀ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੱਕੇ ਤੌਰ ‘ਤੇ ਸੂਬਾ ਬਣਾਕੇ ਉਸ ਤੋਂ ਪੰਜਾਬ ਦੇ ਹੱਕ ਨੂੰ ਖਤਮ ਕਰਨ ਦੀ ਕੇਂਦਰ ਸਰਕਾਰ ਦੀ ਤਾਜ਼ਾ ਕੋਸ਼ਿਸ਼, ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਸ਼ਰੇਆਮ ਖਤਮ ਕਰਕੇ ਉਸਨੂੰ ਕੇਂਦਰ ਦੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ’ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਕਦਮ, ਇਹ ਸਾਰੀਆਂ ਪੰਜਾਬ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਹਨ ।

ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਟੱਲ ਹੈ, ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ ।

ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਸਾਡੀ ਰਾਜਧਾਨੀ ਸਾਨੂੰ ਸੌਂਪੀ ਜਾਵੇ । ਅਸੀਂ ਸਾਰੇ ਪੰਜਾਬੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿਓ ।

ਕੋਰ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਅਤੇ ਸਰਵਉੱਚਤਾ ਬਾਰੇ ਕੀਤੇ ਬਚਕਾਨਾ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਦੇ ਨਿਰਾਦਰ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ ।

ਕੋਰ ਕਮੇਟੀ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਹੇਠ ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮਰਥਨ ਮਿਲਿਆ ਹੈ ।

ਕੋਰ ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ ।