ਚੰਡੀਗੜ-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ 14 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਨਤੀਜੇ 17 ਦਸੰਬਰ ਨੂੰ ਆਉਣਗੇ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ, ਜਿਸ ਨਾਲ ਸੂਬੇ ’ਚ ਤੁਰੰਤ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪਿਛਲੀ ਵਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀ ਚੋਣ 19 ਸਤੰਬਰ 2018 ਨੂੰ ਹੋਈ ਸੀ।
ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਚੋਣ ਜ਼ਾਬਤੇ ਦੀ ਕਾਪੀ ਕਮਿਸ਼ਨ ਦੀ ਵੈੱਬਸਾਈਟ ’ਤੇ ਉਪਲਬਧ ਹੈ। ਸੂਬੇ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀ ਚੋਣ ਲਈ ਵੋਟਾਂ ਪੈਣਗੀਆਂ। ਚੋਣ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਰਿਸ਼ਦ ਦੇ 357 ਜ਼ੋਨਾਂ ਤੇ ਪੰਚਾਇਤ ਸਮਿਤੀ ਦੇ 2863 ਜ਼ੋਨਾਂ ’ਚ ਵੋਟਾਂ 14 ਦਸੰਬਰ ਨੂੰ ਸਵੇਰ 8 ਤੋਂ ਸ਼ਾਮ ਚਾਰ ਵਜੇ ਤੱਕ ਪੈਣਗੀਆਂ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਪਹਿਲੀ ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ ਉਮੀਦਵਾਰ 4 ਦਸੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਤੱਕ ਕਾਗ਼ਜ਼ ਦਾਖਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀ ਪੱਤਰ 6 ਦਸੰਬਰ ਨੂੰ ਵਾਪਸ ਲਏ ਜਾ ਸਕਣਗੇ। ਉਸ ਮਗਰੋਂ ਚੋਣ ਪ੍ਰਚਾਰ ਸ਼ੁਰੂ ਹੋ ਜਾਵੇਗਾ।
