Mar 7, 2026

ਮੋਗਾ-ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਦੋ ਨੌਜਵਾਨਾਂ ਨੇ ਕਾਂਗਰਸ ਆਗੂ ਤੇ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਿੱਚ ਵੜ ਕੇ ਗੋਲੀਆਂ ਮਾਰ ਦਿੱਤੀਆਂ। ਜ਼ਖ਼ਮੀ ਆਗੂ ਨੂੰ ਇਲਾਜ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਵੇਰਵਿਆਂ ਮੁਤਾਬਕ ਨਰਿੰਦਰਪਾਲ ਸਿੰਘ ਸਿੱਧੂ ਜਦੋਂ ਆਪਣੇ ਘਰ ਅੰਦਰ ਬੈਠੇ ਸਨ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਘਰ ’ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੇ ਮੋਢੇ ਅਤੇ ਦੂਜੀ ਪੱਟ ਵਿੱਚ ਲੱਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ ਐੱਸ ਪੀ ਸਿਟੀ ਗੁਰਪ੍ਰੀਤ ਸਿੰਘ ਸਰਾਂ ਅਤੇ ਥਾਣਾ ਮੁਖੀ ਇੰਸਪੈਕਟਰ ਵਰੁਣ ਮੱਟੂ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਰੰਜਿਸ਼ ਦਾ ਜਾਪਦਾ ਹੈ, ਪਰ ਹਾਲੇ ਕੁਝ ਵੀ ਪੱਕੇ ਤੌਰ ’ਤੇ ਕਹਿਣਾ ਜਲਦਬਾਜ਼ੀ ਹੋਵੇਗਾ।