ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ-
ਮੁਹਾਲੀ ( ਦੇ ਪ੍ਰ ਬਿ)- ਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ।
ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿਕਤਾ ਨੂੰ ਚਲਾਉਂਦੇ ਹਨ ਅਤੇ ਭਰੋਸਾ ਪ੍ਰਗਟਾਇਆ ਕਿ ਕਮਿਸ਼ਨ ਸੂਬੇ ਭਰ ਦੇ ਵਪਾਰੀਆਂ ਦੀ ਭਲਾਈ ਅਤੇ ਮਾਣ-ਸਨਮਾਨ ਦੀ ਨਿਰਣਾਇਕ ਤੌਰ ’ਤੇ ਰੱਖਿਆ ਕਰੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਅੱਜ ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਬਾਜ਼ਾਰਾਂ ਲਈ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ, ਜਿਨ੍ਹਾਂ ਵੱਲ ਹੁਣ ਤੱਕ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਜਿਨ੍ਹਾਂ ਨੂੰ ਵੱਖ-ਵੱਖ ਪੱਧਰਾਂ ’ਤੇ ਇਨ੍ਹਾਂ ਕਮਿਸ਼ਨਾਂ ਦੇ ਮੈਂਬਰ ਬਣਾਇਆ ਗਿਆ ਹੈ ਅਤੇ ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਸਾਰਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਸਾਡੀ ਸਰਕਾਰ ਨੇ ਚਾਰ ਸਾਲ ਪੂਰੇ ਕਰ ਲਏ ਹਨ ਅਤੇ ਹੁਣੇ ਇੱਕ ਬਹੁਤ ਹੀ ਸੁੰਦਰ ਨਜ਼ਾਰਾ ਨੇ ਮੇਰਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਹਾਲ ਵਿੱਚ ਬੈਠੇ ਤੁਸੀਂ ਸਾਰੇ ਸਾਡੀ ਪਾਰਟੀ ਦੇ ਵਰਕਰ ਨਹੀਂ ਹੋ ਸਗੋਂ ਸਾਰੇ ਨਿਰਪੱਖ ਤੇ ਸੁਤੰਤਰ ਵਿਅਕਤੀ ਹੋ। ਤੁਹਾਡੇ ਵਿੱਚੋਂ ਕੁਝ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨ ਹਨ, ਕੁਝ ਟੈਕਸਟਾਈਲ ਅਤੇ ਟਾਈਲ ਦੀਆਂ ਸੈਕਟਰ-ਵਾਈਜ਼ ਵਪਾਰਕ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਤੁਸੀਂ ਵੱਖ-ਵੱਖ ਪਿਛੋਕੜਾਂ ਨਾਲ ਸਬੰਧਤ ਹੋ ਅਤੇ ਸੁਤੰਤਰ ਵਿਅਕਤੀ ਹੋ।’’
ਨਵੇਂ ਕਮਿਸ਼ਨ ਢਾਂਚੇ ਦੀ ਵਿਆਖਿਆ ਕਰਦੇ ਹੋਏ, ਉਨ੍ਹਾਂ ਨੇ ਵਿਸਥਾਰ ਨਾਲ ਕਿਹਾ, “ਅਸੀਂ ਇੱਕ ਅਜਿਹਾ ਸਿਸਟਮ ਬਣਾ ਰਹੇ ਹਾਂ ਜਿਸ ਰਾਹੀਂ ਤੁਸੀਂ ਸਰਕਾਰ ਦਾ ਹਿੱਸਾ ਬਣੋਗੇ। ਰਾਜ ਪੱਧਰ ’ਤੇ ਇੱਕ ਕਮਿਸ਼ਨ ਹੋਵੇਗਾ, ਫਿਰ ਜ਼ਿਲ੍ਹਾ ਪੱਧਰ ’ਤੇ, ਅਤੇ ਸਭ ਤੋਂ ਅਹਿਮ ਹਲਕਾ ਪੱਧਰ ’ਤੇ ਵੀ ਕਮਿਸ਼ਨ ਹੋਵੇਗਾ। ਹਲਕਾ ਪੱਧਰ ਵਾਲੇ ਕਮਿਸ਼ਨ ਵਿੱਚ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਵਪਾਰੀ ਵੀ ਸ਼ਾਮਲ ਹੋਣਗੇ। ਉਹ ਬਾਜ਼ਾਰਾਂ ਵਿੱਚ ਹਰੇਕ ਦੁਕਾਨਦਾਰ ਨਾਲ ਸੰਪਰਕ ਕਰਨ ਅਤੇ ਮੀਟਿੰਗ ਕਰਨ ਲਈ ਜ਼ਿੰਮੇਵਾਰ ਤੇ ਸਮਰੱਥ ਹੋਣਗੇ। ਇਨ੍ਹਾਂ ਮੀਟਿੰਗਾਂ ਵਿੱਚ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਜਾਵੇਗੀ। ਇਹ ਦੁਕਾਨਦਾਰਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ, ਜਿੱਥੇ ਕੋਈ ਕਹਿ ਰਿਹਾ ਹੋਵੇ ਕਿ ਉਹ ਮਹੀਨਿਆਂ ਤੋਂ ਦੌੜ-ਭੱਜ ਕਰਦਾ ਖੱਜਲ-ਖੁਆਰ ਹੋ ਰਿਹਾ ਹੈ ਪਰ ਕੰਮ ਨਹੀਂ ਹੋ ਰਿਹਾ । ਬਾਜ਼ਾਰ ਪੱਧਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ: ਜਿਵੇਂ ਕਿ ਟੁੱਟੀਆਂ ਸੜਕਾਂ, ਪਖਾਨਿਆਂ ਦੀ ਘਾਟ, ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਵਪਾਰੀਆਂ ਅਤੇ ਗਾਹਕਾਂ ਲਈ ਮੁਸ਼ਕਲਾਂ,ਅਤੇ ਇੱਥੋਂ ਤੱਕ ਕਿ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਵੀ। ਇਨ੍ਹਾਂ ਸਮੱਸਿਆਵਾਂ ਵਿੱਚੋਂ 90 ਫੀਸਦੀ ਉਸ ਪੱਧਰ ’ਤੇ ਹੀ ਹੱਲ ਹੋ ਜਾਣਗੀਆਂ।”
ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਵਿੱਚ ਹੋ ਰਿਹਾ ਇੱਕ ਵਿਲੱਖਣ ਪ੍ਰੋਗਰਾਮ ਹੈ, ਜੋ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਕਦੇ ਨਹੀਂ ਹੋਇਆ। ਉਨ੍ਹਾਂ ਅਸਮਾਨ ਹਰ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਤਰੱਕੀ ਅਤੇ ਖੁਸ਼ਹਾਲੀ ਦਾ ਹੱਕਦਾ ਹੈ, ਜਿਸਦਾ ਕੋਈ ਸੀਮਾ ਨਹੀਂ ਅਤੇ ਇਹ ਸਿਰਤੋੜ ਪਹਿਲਕਦਮੀ ਖਾਸ ਕਰਕੇ ਛੋਟੇ ਦੁਕਾਨਦਾਰਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦਾ ਗਠਨ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਸ਼ਾਮਲ ਹੋਣ ਲਈ ਨਹੀਂ, ਸਗੋਂ ਰਾਜਨੀਤੀ ਦੀ ਪਰਿਭਾਸ਼ਾ ਬਦਲਣ ਅਤੇ ਦੇਸ਼ ਨੂੰ ਲੋਕ ਭਲਾਈ ‘ਤੇ ਕੇਂਦਰਿਤ ਰਾਜਨੀਤੀ ਦਾ ਅਰਥ ਸਿਖਾਉਣ ਲਈ ਕੀਤਾ ਸੀ।
ਆਪਣੀ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਪਿੱਛੇ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਲੋਕਾਂ ਦੀ ਸੇਵਾ ਕਰਨਾ ਸੀ ਅਤੇ ਉਨ੍ਹਾਂ ਦੀ ਇਹ ਵਚਨਬੱਧਤਾ ਜ਼ਮੀਨੀ ਪੱਧਰ ‘ਤੇ ਸਪੱਸ਼ਟ ਤੌਰ ਝਲਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 61,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ 17 ਤੋਂ ਵੱਧ ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਹੋਰ ਸਹੂਲਤ ਦੇਣ ਲਈ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਖਾਲੀ ਪਏ ਦਫ਼ਤਰਾਂ ਨੂੰ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਦਿੱਤਾ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਦੀ ਖੁਸ਼ਹਾਲੀ ਸਿੱਧੇ ਤੌਰ ‘ਤੇ ਸਰਕਾਰ ਦੀ ਨੀਅਤ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੇ ਸ਼ਾਸਨ-ਕਾਲ ਦੌਰਾਨ ਆਪਣਾ ਕੰਮ ਕਰਵਾਉਣ ਲਈ ਹਮੇਸ਼ਾ ਖੱਜਲ-ਖੁਆਰੀ ਦਾ ਹੀ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਸੇ ਦੇ ਹੱਲ ਲਈ ਸੂਬਾ ਸਰਕਾਰ ਨੇ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਅਤੇ ਦੇਸ਼ ਵਿੱਚ ਪਹਿਲੀ ਵਾਰ ਵਪਾਰੀਆਂ ਨੂੰ ਸਹੀ ਅਰਥਾਂ ਵਿੱਚ ਸਸ਼ਕਤ ਬਣਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ।
