Mar 7, 2026

ਵਿਧਾਨ ਸਭਾ ਦੀ ਵੀਡੀਓ ਦੇ ਆਧਾਰ ਤੇ ਮੰਤਰੀ ਖਿਲਾਫ ਕੇਸ ਦਰਜ ਕੀਤੇ ਜਾਣ ਦਾ ਮਾਮਲਾ-

ਨਵੀਂ ਦਿੱਲੀ ( ਦਿਓਲ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਅੱਜ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰ ਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ, ਸਪੈਸ਼ਲ ਡੀ ਜੀ ਪੀ (ਸਾਈਬਰ ਕ੍ਰਾਈਮ) ਪੰਜਾਬ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੂੰ ‘ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ’ ਲਈ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਦਿੱਲੀ ਵਿਧਾਨ ਸਭਾ ਦੀ ਸੰਪਤੀ ਹੈ ਅਤੇ ਉਸ ਦੇ ਆਧਾਰ ’ਤੇ ਪੰਜਾਬ ਪੁਲੀਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ। ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪੁੱਜੀ ਹੈ। ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਭਾਜਪਾ ਦੇ ਕਈ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ ਵਿੱਚ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਦੇ ਪ੍ਰੋਗਰਾਮ ਬਾਰੇ ਮੰਗਲਵਾਰ ਨੂੰ ਹੋਈ ਬਹਿਸ ਦੌਰਾਨ ਵਿਧਾਨ ਸਭਾ ਵਿੱਚ ਗੁਰੂ ਤੇਗ ਬਹਾਦਰ ਦਾ ਅਪਮਾਨ ਕੀਤਾ ਸੀ। ਜਲੰਧਰ ਪੁਲੀਸ ਕਮਿਸ਼ਨਰੇਟ ਵੱਲੋਂ ਮਿਸ਼ਰਾ ਅਤੇ ਹੋਰਾਂ ਵਿਰੁੱਧ ਆਤਿਸ਼ੀ ਦੀ ‘ਸੰਪਾਦਿਤ ਅਤੇ ਫ਼ਰਜ਼ੀ’ ਵੀਡੀਓ ਅਪਲੋਡ ਕਰਨ ਅਤੇ ਫੈਲਾਉਣ ਦੇ ਦੋਸ਼ ਹੇਠ ਐੱਫ ਆਈ ਆਰ ਦਰਜ ਕੀਤੀ ਗਈ ਸੀ।