ਚੰਡੀਗੜ-ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਖੁਫੀਆ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਲਈ ‘ਕੁਝ ਵੀ ਠੋਸ’ ਨਹੀਂ ਕੀਤਾ ਹੈ।
ਅਕਾਲੀ ਦਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਮਜੀਠੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ, ਕਿਉਂਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਪ੍ਰਭਾਵੀ ਕਦਮ ਚੁੱਕਣ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਕੋਈ ਭਰੋਸਾ ਨਹੀਂ ਹੈ। ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਸੀਨੀਅਰ ਅਕਾਲੀ ਆਗੂਆਂ ਨੇ ਮਜੀਠੀਆ ਦੀ ਜਾਨ ਨੂੰ ‘ਗੰਭੀਰ ਖਤਰੇ’ ਅਤੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਉਠਾਇਆ। ਗ਼ੌਰਤਲਬ ਹੈ ਕਿ ਮਜੀਠੀਆ ਇਸ ਵੇਲੇ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਨੂੰ ਪਿਛਲੇ ਸਾਲ ਜੂਨ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ; ਉਹ ਪੂਰਵ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਰਿਸ਼ਤੇਦਾਰ ਹਨ।
