Mar 7, 2026
ਚੌਕ ਮਹਿਤਾ -21 ਜਨਵਰੀ -(ਪਰਮਿੰਦਰ ਸਿੰਘ ਬਮਰਾਹ)-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਂਰਾਸ਼ਟਰ ਵਿਖੇ ਵਿਸ਼ਾਲ ਪੱਧਰ ਤੇ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ  ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਚੇਅਰਮੈਨ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਭੇਜਿਆ ਗਿਆ।ਦਮਦਮੀ ਟਕਸਾਲ ਵੱਲੋਂ ਮੁੱਖ ਮੰਤਰੀ ਨਿਵਾਸ ‘ਤੇ ਪੁੱਜੇ ਗਿਆਨੀ ਸਾਹਬ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ ਕੋਲੋ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਮਦਮੀ ਟਕਸਾਲ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵੱਲੋਂ ਮਹਾਂਰਾਸ਼ਟਰ ਸਰਕਾਰ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬਲੀਦਾਨ ਦਿੱਤਾ ਸੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਨੌਵੇਂ ਪਾਤਸ਼ਾਹ ਸਾਂਝੀਵਾਲਤਾ ਤੇ ਧਰਮ ਨਿਰਪੱਖਤਾ ਦੇ ਮੁਦੱਈ ਸਨ ਅਤੇ ਗੁਰੂ ਸਾਹਿਬ ਜੀ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਮੁੱਖ ਮੰਤਰੀ ਮਾਨ ਨੇ ਇਸ ਸੱਦੇ ਲਈ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ 350 ਸਾਲਾ ਸ਼ਹੀਦੀ ਸ਼ਤਾਬਦੀ  ਮੌਕੇ ਸ੍ਰੀ ਹਜ਼ੂਰ ਸਾਹਿਬ ਵਿਖੇ ਜ਼ਰੂਰ ਨਤਮਸਕ ਹੋਣਗੇ ਤੇ ਇੰਨ੍ਹਾਂ ਸਮਾਗਮਾਂ ‘ਚ ਹਾਜ਼ਰੀ ਭਰਨਗੇ ।
ਫੋਟੋ ਕੈਪਸ਼ਨ-ਸ਼ਤਾਬਦੀ ਸਮਾਗਮਾਂ ਲਈ ਸੰਤ ਗਿ.ਹਰਨਾਮ ਸਿੰਘ ਖਾਲਸਾ ਤੇ ਜਥੇਦਾਰ ਬਾਬਾ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ ਸੱਦਾ ਪੱਤਰ ਦੇਣ ਮੌਕੇ ਗਿਆਨੀ ਸਾਹਬ ਸਿੰਘ,ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ।