Mar 7, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ੁਰੂਆਤ-

*ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ-

ਖੁਰਾਲਗੜ੍ਹ, 6 ਫਰਵਰੀ:-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ‘ਆਪ’ ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, “ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।”

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ ‘ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।
ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।