Apr 23, 2026
ਸਰੀ, (ਮਹੇਸ਼ਇੰਦਰ ਸਿੰਘ ਮਾਂਗਟ)- ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਰੀ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਹੱਤਵਪੂਰਨ ਬੈਠਕ ਤੋਂ ਬਾਅਦ ਜਬਰ-ਵਸੂਲੀ (Extortion) ਨਾਲ ਨਜਿੱਠਣ ਲਈ ਨਵੇਂ ਫੈਡਰਲ ਕਦਮਾਂ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ, “ਅਸੀਂ ਜਬਰ-ਵਸੂਲੀ ਦੀਆਂ ਘਟਨਾਵਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਨਾਕਾਮ ਕਰਨ ਅਤੇ ਰੋਕਥਾਮ ਲਈ ਨਵੇਂ ਉਪਾਅ ਲਾਗੂ ਕਰ ਰਹੇ ਹਾਂ।”
ਉਨ੍ਹਾਂ ਅੱਗੇ ਕਿਹਾ, “ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਵਿੱਤੀ ਸੰਸਥਾਵਾਂ ਅਤੇ ਸਰਕਾਰਾਂ ਨਾਲ ਮਿਲ ਕੇ ਅਸੀਂ ਖੁਫੀਆ ਜਾਣਕਾਰੀ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਾਂਗੇ ਅਤੇ ਸਭ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਪੁਲਿਸ ਦੀ ਸਹਾਇਤਾ ਲਈ ਵਿੱਤੀ ਖੁਫੀਆ ਮਾਹਿਰ ਤਾਇਨਾਤ ਕਰਾਂਗੇ।”
ਇਹ ਐਲਾਨ ਬ੍ਰਿਟਿਸ਼ ਕੋਲੰਬੀਆ ਵਿੱਚ ਵਧ ਰਹੀਆਂ ਜਬਰ-ਵਸੂਲੀ ਸੰਬੰਧੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਨਵੀਂ ਰਣਨੀਤੀ ਦੇ ਤਹਿਤ ਪੁਲਿਸ ਏਜੰਸੀਆਂ ਅਤੇ ਵਿੱਤੀ ਖੁਫੀਆ ਇਕਾਈਆਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਸੰਗਠਿਤ ਅਪਰਾਧਕ ਗਿਰੋਹਾਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਅਦਾਨ-ਪ੍ਰਦਾਨ ਨੂੰ ਬੇਹਤਰ ਬਣਾਉਣਾ ਅਤੇ ਵਿਸ਼ੇਸ਼ ਵਿੱਤੀ ਮਾਹਿਰਾਂ ਦੀ ਤਾਇਨਾਤੀ ਨਾਲ ਗੈਰਕਾਨੂੰਨੀ ਧਨ ਪ੍ਰਵਾਹ ਦੀ ਪੜਤਾਲ ਕਰਨਾ ਆਸਾਨ ਹੋਵੇਗਾ ਅਤੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਜਾਂਚ ਪ੍ਰਕਿਰਿਆ ਨੂੰ ਮਜ਼ਬੂਤੀ ਮਿਲੇਗੀ।
ਸਰਕਾਰ ਦਾ ਮੰਨਣਾ ਹੈ ਕਿ ਇਹ ਨਵੇਂ ਕਦਮ ਕਮਿਊਨਿਟੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਪਰਾਧਕ ਨੈੱਟਵਰਕਾਂ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।