Mar 6, 2026

ਮਖੂ, 25 ਫਰਵਰੀ (ਦੇ ਪ੍ਰ ਬਿ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।
ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ ‘ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।
ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”
ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ ‘ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਿਆ ਹੈ ਅਤੇ ਨਾਲ ਹੀ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।”
ਉਨ੍ਹਾਂ ਅੱਗੇ ਕਿਹਾ ਕਿ 63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਦਿੱਤੀਆਂ ਗਈਆਂ ਹਨ।
ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਡਰੱਗ ਮਾਫੀਆ ਨੂੰ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਨਸ਼ਿਆਂ ਦੀ ਸਪਲਾਈ ਨੂੰ ਤੋੜਨ ਤੋਂ ਇਲਾਵਾ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।”’’
ਭਾਈਚਾਰਕ ਸ਼ਮੂਲੀਅਤ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ-ਲਹਿਰ ਬਣਾਉਣ ਦੀ ਲੋੜ ਹੈ। ਉਹ ਦਿਨ ਦੂਰ ਨਹੀਂ ਜਦੋਂ, ਭਾਈਚਾਰਕ ਸ਼ਮੂਲੀਅਤ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।” ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

Leave a Reply

Your email address will not be published. Required fields are marked *