Mar 10, 2026
*ਪੰਜਾਬ ਵਿਧਾਨ ਸਭਾ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ-

ਚੰਡੀਗੜ੍ਹ, 10 ਮਾਰਚ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਕਰਕੇ ਇਤਿਹਾਸਕ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ, ਨਾਲੋਂ ਕਿਤੇ ਵੱਧ ਨੁਕਸਾਨ ਪਹੁੰਚਾ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਭਾਰਤ ਦਾ ਖੇਤੀਬਾੜੀ ਬਾਜ਼ਾਰ ਖੋਲ੍ਹਣ ਨਾਲ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਇਸਦੇ ਮੁਕਾਬਲੇ ਲਈ ਹੱਦੋਂ ਵੱਧ ਜੱਦੋ-ਜਹਿਦ ਕਰਨੀ ਪਵੇਗੀ।

ਵਪਾਰ ਸਮਝੌਤੇ ਨੂੰ ਦੇਸ਼ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ ‘ਤੇ ਛੱਡ ਦੇਵੇਗਾ। ਇਸ ਸਮਝੌਤੇ ਦੇ ਬੇਹੱਦ ਮਾੜੇ ਸੰਭਾਵੀ ਪ੍ਰਭਾਵਾਂ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਭਾਰਤ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਈਸਟ ਇੰਡੀਆ ਕੰਪਨੀ ਨੇ ਭਾਰਤ ਉੱਤੇ ਕਬਜ਼ਾ ਕਰਕੇ ਦੇਸ਼ ਨੂੰ ਲੁੱਟਿਆ ਸੀ ਅਤੇ ਹੁਣ ‘ਵੈਸਟ ਇੰਡੀਆ ਕੰਪਨੀ’ ਨੇ ਦੇਸ਼ ਵਿੱਚ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਸਕਦਾ ਹੈ, ਇਸ ਕਰਕੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪ੍ਰਸਤਾਵਿਤ ਸਮਝੌਤੇ ਬਾਰੇ ਸਬੰਧਤ ਰਾਜਾਂ ਨਾਲ ਨਾ ਤਾਂ ਸਲਾਹ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੁਝ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਬਾਰੇ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਕੁਝ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਜੀ ਦੀ ਕੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੇ ਸਾਰਿਆਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਕੀ ਭਾਰਤ ਦੇ ਫੈਸਲੇ ਹੁਣ ਵ੍ਹਾਈਟ ਹਾਊਸ ਦੇ ਦਖ਼ਸ ਨਾਲ ਹੋ ਰਹੇ ਹਨ ਅਤੇ ਕੀ ਕੇਂਦਰ ਸਰਕਾਰ ਦਾ ਰਿਮੋਟ ਵਿਦੇਸ਼ੀ ਤਾਕਤਾਂ ਦੇ ਹੱਥ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਵੱਡੀ ਤੋਂ ਵੱਡਾ ਗੱਲ ਵੀ ਵਿਦੇਸ਼ ਦੇ ਆਗੂਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਇਹ ਆਪਣੇ ਆਪ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਜੰਗਬੰਦੀ ਹੋਈ ਸੀ,ਤਾਂ ਇਹ ਜਾਣਕਾਰੀ ਸਭ ਤੋਂ ਪਹਿਲਾਂ ਡੋਨਾਲਡ ਟਰੰਪ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਸੀ, ਜਦਕਿ ਭਾਰਤ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਇਹ ਸਥਿਤੀ ਕੇਂਦਰ ਸਰਕਾਰ ਦੇ ਕੰਮਕਾਜ ‘ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੀ ਹੈ।

ਸਮਝੌਤੇ ਦੇ ਖੇਤੀਬਾੜੀ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡੀਡੀਜੀਐਸ ਅਤੇ ਸੋਇਆਬੀਨ ਤੇਲ ਵਰਗੇ ਫੀਡ ਬਦਲਾਂ ਦੀ ਸਸਤੀ ਦਰਾਮਦ ਮੱਕੀ ਅਤੇ ਸੋਇਆਬੀਨ ਦੀਆਂ ਕੀਮਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ, ਜਿਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੱਡੀ ਮਾਰ ਪੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਨਰਮੇ ਦੀ ਦਰਾਮਦ ਨੂੰ ਕੋਟੇ ਰਾਹੀਂ ਨਿਯੰਤ੍ਰਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਨਰਮੇ ਦੀਆਂ ਕੀਮਤਾਂ ਦੇ ਹੇਠਾਂ ਜਾਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਪੰਜਾਬ ਦੇ ਮਾਲਵਾ ਖੇਤਰ ਵਿੱਚ ਨਰਮਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਨਾਨ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਇਹ ਜੀਐਮਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ, ਫਸਲੀ ਬਿਮਾਰੀਆਂ ਅਤੇ ਖਤਰਨਾਕ ਨਦੀਨਾਂ ਦੇ ਫੈਲਣ ਦੇ ਜੋਖਮ ਨੂੰ ਵਧਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਪੰਜਾਬ ਦੇ ਖੇਤੀਬਾੜੀ ਈਕੋਸਿਸਟਮ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਖੇਤੀਬਾੜੀ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਅਮਰੀਕਾ ਦੀ ਖੇਤੀਬਾੜੀ ਖੁੱਲ੍ਹੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਪੈਮਾਨੇ ਦੀ ਆਰਥਿਕਤਾ ‘ਤੇ ਕੰਮ ਕਰਦੀ ਹੈ, ਜੋ ਉਤਪਾਦਕਾਂ ਨੂੰ ਘੱਟ ਕੀਮਤਾਂ ‘ਤੇ ਵੀ ਨਿਰਯਾਤ ਦੇ ਯੋਗ ਬੇਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨਾਂ ਲਈ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਸ਼ੂਆਂ ਦੇ ਚਾਰੇ ਲਈ ਸੋਇਆ ਫੀਡ ਕਥਿਤ ਤੌਰ ‘ਤੇ ਵੱਡੀ ਮਾਤਰਾ ਵਿੱਚ ਆਯਾਤ ਕੀਤਾ ਜਾਵੇਗਾ। “ਪੰਜਾਬ ਲਗਭਗ 1.25 ਲੱਖ ਹੈਕਟੇਅਰ ਮੱਕੀ ਦੀ ਕਾਸ਼ਤ ਕਰਦਾ ਹੈ ਅਤੇ ਇਸ ਸਮਝੌਤੇ ਨਾਲ ਮੱਕੀ ਅਤੇ ਸੋਇਆਬੀਨ ਦੋਵੇਂ
ਫਸਲਾਂ ‘ਤੇ ਬੇਹੱਦ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸੇ ਤਰ੍ਹਾਂ ਅਮਰੀਕਾ ਤੋਂ ਨਰਮੇ ਦੀ ਦਰਾਮਦ ਪੰਜਾਬ, ਜਿੱਥੇ ਲਗਭਗ 2.5 ਲੱਖ ਏਕੜ ਵਿੱਚ ਨਰਮੇ ਦੀ ਕਾਸ਼ਤ ਹੁੰਦੀ ਹੈ, ਦੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ।

ਖੇਤਾਂ ਦੇ ਆਕਾਰ ਅਤੇ ਸਬਸਿਡੀਆਂ ਵਿੱਚ ਅਸਮਾਨਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਕਿ ਅਮਰੀਕਾ ਵਿੱਚ ਔਸਤ ਕਿਸਾਨ ਕੋਲ ਲਗਭਗ 500 ਏਕੜ ਜ਼ਮੀਨ ਹੈ ਅਤੇ ਅਮਰੀਕੀ ਕਿਸਾਨਾਂ ਨੂੰ ਭਾਰਤੀ ਕਿਸਾਨਾਂ ਨਾਲੋਂ ਲਗਭਗ 35 ਫੀਸਦ ਵੱਧ ਸਬਸਿਡੀ ਮਿਲਦੀ ਹੈ। ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਕੋਲ ਆਮ ਤੌਰ ‘ਤੇ ਸਿਰਫ਼ ਦੋ ਤੋਂ ਢਾਈ ਏਕੜ ਜ਼ਮੀਨ ਹੈ, ਜਿਸ ਨਾਲ ਉਨ੍ਹਾਂ ਲਈ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਕਰਨਾ ਅਤਿ ਮੁਸ਼ਕਲ ਹੋ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਇੱਕ ਲੋਕਤੰਤਰੀ ਅਧਿਕਾਰ ਹੈ ਅਤੇ ਸਰਕਾਰ ਵਿਰੁੱਧ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਰਾਜਨੀਤਿਕ ਉਦੇਸ਼ਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਪੰਜਾਬ ਦੇ ਕਈ ਰਾਜਨੀਤਿਕ ਆਗੂਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਵਰਗੀਆਂ ਹਸਤੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹੋ ਰਹੇ ਅਨਿਆਂ ‘ਤੇ ਚੁੱਪੀ ਸਾਧੀ ਹੋਈ ਹੈ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਿਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ। ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।”

ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।

Leave a Reply

Your email address will not be published. Required fields are marked *