ਚੰਡੀਗੜ੍ਹ, 11 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।
ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ ‘ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ।
ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ।
ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।
