ਨਵੀਂ ਦਿੱਲੀ ( ਦਿਓਲ)– ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਹ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀ.ਬੀ.ਆਈ. ਦੀ ਅਪੀਲ ਨੂੰ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਤੋਂ ਕਿਸੇ ਹੋਰ ਜੱਜ ਕੋਲ ਤਬਦੀਲ ਕਰਵਾਉਣਾ ਚਾਹੁੰਦੇ ਹਨ।
ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਾਈ ਕੋਰਟ ਦੇ ਸੰਮਨਾਂ ਨੂੰ ਵੀ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਕਦਮ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਵੱਲੋਂ ਕੇਸ ਤਬਦੀਲ ਕਰਨ ਦੀ ਬੇਨਤੀ ਨੂੰ ਖਾਰਜ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਖ਼ਦਸ਼ਾ ਜਤਾਇਆ ਸੀ ਕਿ ਜੇਕਰ ਮਾਮਲਾ ਜਸਟਿਸ ਸ਼ਰਮਾ ਕੋਲ ਰਿਹਾ, ਤਾਂ ਸ਼ਾਇਦ ਸੁਣਵਾਈ ਵਿੱਚ ਨਿਰਪੱਖਤਾ ਨਹੀਂ ਮਿਲੇਗੀ। ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਕੇਸ ਮੌਜੂਦਾ ਰੋਸਟਰ ਅਨੁਸਾਰ ਹੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਟਰਾਇਲ ਕੋਰਟ ਨੇ ਕੇਜਰੀਵਾਲ ਅਤੇ 22 ਹੋਰਾਂ ਨੂੰ ਇਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਸੀ, ਜਿਸ ਨੂੰ ਸੀ.ਬੀ.ਆਈ. ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਣ ਦੀ ਉਮੀਦ ਹੈ।
