*ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਰੋਪੜ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।
ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’
ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”
ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”
