May 7, 2026

• ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਚਾਰ ਦਿਨਾਂ ਸ਼ੁਕਰਾਨਾ ਯਾਤਰਾ ਅਤੇ 9 ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹੋਵੇਗੀ ਸਮਾਪਤੀ-

ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,  “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”

ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।”

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।”

ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ `ਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।”

ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।” ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇੱਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਸ ਯਾਤਰਾ ਦਾ ਇੱਕੋ ਇੱਕ ਮੰਤਵ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਤਾਕਤ ਅਤੇ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ।”

ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿੱਚ ਪੈਂਦੇ ਹਨ। ਉਨ੍ਹਾਂ ਕਿਹਾ, “ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।”

ਯਾਤਰਾ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *