May 7, 2026

ਬਟਾਲਾ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ-

ਬਟਾਲਾ ( ਬਲਜੀਤ ਸ਼ਰਮਾ)- ਬਿਰਹਾ ਦੇ ਸੁਲਤਾਨ ਵਜੋਂ ਜਾਣੇ ਜਾਂਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਬੀਤੇ ਦਿਨ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ। ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਵੱਲੋਂ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਸਾਹਿਤ ਦੇ ਪ੍ਰਚਾਰ-ਪ੍ਰਸਾਰ ਲਈ ਅੰਤਰਰਾਸ਼ਟਰੀ ਪੱਧਰ ‘ਤੇ ਕਾਰਜ ਕਰ ਰਹੀ ਸੰਸਥਾ ‘ਪੰਜਾਬ ਭਵਨ ਸਰੀ (ਕੈਨੇਡਾ)’ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਨੂੰ ਵਿਸ਼ੇਸ਼ ਤੌਰ ‘ਤੇ ‘ਸ਼ਿਵ ਕੁਮਾਰ ਬਟਾਲਵੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।
​ਸਮਾਗਮ ਦੀ ਸ਼ੁਰੂਆਤ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਅਤੇ ਐੱਸ.ਡੀ.ਐੱਮ. ਬਟਾਲਾ ਸ. ਸਾਰੰਗਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕਰਵਾਏ ਗਏ ‘ਕਵੀ ਦਰਬਾਰ’ ਵਿੱਚ ਨਾਮਵਰ ਸ਼ਾਇਰਾਂ ਨੇ ਸ਼ਿਵ ਦੀਆਂ ਰਚਨਾਵਾਂ ਨੂੰ ਆਪਣੀ ਆਵਾਜ਼ ਵਿੱਚ ਗਾ ਕੇ ਸਮਾਂ ਬੰਨ੍ਹ ਦਿੱਤਾ।
​ਸੁੱਖੀ ਬਾਠ  ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਪੰਜਾਬੀ ਮਾਂ-ਬੋਲੀ ਅਤੇ ਪੰਜਾਬੀਅਤ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਕੀਤੇ ਜਾ ਰਹੇ ਨਿਰਸਵਾਰਥ ਯਤਨਾਂ ਲਈ ਦਿੱਤਾ ਗਿਆ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੁੱਖੀ ਬਾਠ ਸਿਰਫ਼ ਇੱਕ ਨਾਮ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਦੀ ਇੱਕ ਚਲਦੀ-ਫਿਰਦੀ ਸੰਸਥਾ ਹਨ। ਕੈਨੇਡਾ ਦੀ ਧਰਤੀ ‘ਤੇ ਪੰਜਾਬ ਭਵਨ ਦੀ ਸਥਾਪਨਾ ਕਰਕੇ ਉਨ੍ਹਾਂ ਨੇ ਪੰਜਾਬੀ ਲੇਖਕਾਂ ਅਤੇ ਕਲਾਕਾਰਾਂ ਨੂੰ ਇੱਕ ਅਜਿਹਾ ਮੰਚ ਦਿੱਤਾ ਹੈ, ਜਿਸ ਦੀ ਮਿਸਾਲ ਮਿਲਣੀ ਮੁਸ਼ਕਿਲ ਹੈ। ਸ਼ਿਵ ਕੁਮਾਰ ਬਟਾਲਵੀ ਦੇ ਨਾਮ ‘ਤੇ ਮਿਲਿਆ ਇਹ ਸਨਮਾਨ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਅਤੇ ਪੰਜਾਬੀ ਮਾਂ-ਬੋਲੀ ਪ੍ਰਤੀ ਉਨ੍ਹਾਂ ਦੇ ਇਸ਼ਕ ਨੂੰ ਇੱਕ ਸੱਚੀ ਸ਼ਰਧਾਂਜਲੀ ਹੈ।
​ਸਨਮਾਨ ਹਾਸਲ ਕਰਨ ਉਪਰੰਤ ਸ੍ਰੀ ਸੁੱਖੀ ਬਾਠ ਨੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ਼ਿਵ ਦੀ ਨਗਰੀ ਬਟਾਲਾ ਵਿਖੇ ਇਹ ਸਨਮਾਨ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਅਹਿਦ ਲਿਆ ਕਿ ਉਹ ਆਖਰੀ ਸਾਹਾਂ ਤੱਕ ਪੰਜਾਬੀ ਬੋਲੀ ਅਤੇ ਸਾਹਿਤ ਦੀ ਸੇਵਾ ਕਰਦੇ ਰਹਿਣਗੇ।
​ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਿਜੇ ਸੋਨੀ ਅਤੇ ਸਮੂਹ ਮੈਨੇਜਮੈਂਟ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤ ਪ੍ਰੇਮੀ, ਕਲਾਕਾਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *