Jul 13, 2026

ਚੰਡੀਗੜ- ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਨ੍ਹਾਂ ਚੋਣਾਂ ਲਈ ਕੁੱਲ 7623 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ ਵੋਟਰਾਂ ਵੱਲੋਂ 26 ਮਈ ਨੂੰ ਕੀਤਾ ਜਾਵੇਗਾ। ਚੋਣਾਂ ਦੇ  ਨਤੀਜੇ 29 ਮਈ ਨੂੰ ਆਉਣਗੇ।

ਇਸ ਦੌਰਾਨ ਕਈ ਸ਼ਹਿਰਾਂ ਵਿਚ ਸੱਤਾਧਾਰੀ ਪਾਰਟੀ ਵਲੋਂ ਵਿਰੋਧੀ ਉਮੀਦਵਾਰਾਂ ਨਾਲ ਧੱਕਾ ਕਰਨ ਅਤੇ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਤਿਆਰ ਹੈ।  ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਠ ਨਗਰ ਨਿਗਮ ਦੀਆਂ ਚੋਣਾਂ ਲਈ 1613 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ, ਜਦੋਂ ਕਿ  386 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਨਗਰ ਨਿਗਮ ਦੀ ਚੋਣ ਦੌਰਾਨ ਹੁਣ ਤੱਕ ਚਾਰ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਨਗਰ ਕੌਂਸਲ ਦੀ ਚੋਣ ਦੌਰਾਨ ਕੁੱਲ 5144 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਲੰਘੇ ਦਿਨ 1695 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।

ਨਗਰ ਕੌਂਸਲ ਦੀ ਚੋਣ ਦੌਰਾਨ 41 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਸੇ ਤਰ੍ਹਾਂ ਨਗਰ ਪਰਿਸ਼ਦ ਦੀ ਚੋਣ ਵਿੱਚ 866 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਲੰਘੇ ਦਿਨ 312 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ ਅਤੇ 28 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ।
ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਪੰਜਾਬ ਵਿੱਚ ਮਿਉਂਸਿਪਲ ਚੋਣਾ ਲਈ 10800 ਦੇ ਕਰੀਬ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 10096 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ । ਇਸ ਤੋਂ ਬਾਅਦ ਸੂਬੇ ਭਰ ਵਿੱਚ 2393 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹੁਣ ਅਖੀਰ ਵਿੱਚ 7623 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ ਹੋਏ ਹਨ।
ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ 79 ਉਮੀਦਵਾਰ ਬਿਨਾਂ ਕਿਸੇ ਮੁਕਾਬਲੇ ਦੇ ਨਿਰਵਿਰੋਧ (ਬਿਨਾਂ ਮੁਕਾਬਲਾ) ਚੁਣੇ ਗਏ ਹਨ। ਬਿਨਾਂ ਮੁਕਾਬਲਾ ਜਿੱਤ ਹਾਸਲ ਕਰਨ ਵਾਲੇ ਇਨ੍ਹਾਂ ਉਮੀਦਵਾਰਾਂ ਵਿੱਚੋਂ ਵੱਡੀ ਗਿਣਤੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਦੱਸੀ ਜਾ ਰਹੀ ਹੈ।