Oct 3, 2026

ਵਿਰੋਧੀਆਂ ਵਲੋਂ ਸਰਕਾਰ ਉਪਰ ਧੱਕੇ ਦੇ ਦੋਸ਼-

ਚੰਡੀਗੜ, 26 ਮਈ- ਪੰਜਾਬ ਵਿਚ ਅੱਜ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਾਂ ਪੈਣ ਦਾ ਅਮਲ ਸਵੇਰ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਸੀ। ਸੂਤਰਾਂ ਮੁਤਾਬਿਕ ਸੂਬੇ ਵਿਚ ਸ਼ਾਮ ਪੰਜ ਵਜੇ ਤਕ 61.5 ਫੀਸਦੀ ਵੋਟਾਂ ਪਈਆਂ।  ਇਨ੍ਹਾਂ ਚੋਣਾਂ ਦੇ ਨਤੀਜੇ 29 ਮਈ ਨੂੰ ਆਉਣਗੇ।

ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਕੁੱਲ 45.60 ਫ਼ੀਸਦ ਵੋਟਿੰਗ ਦਰਜ ਕੀਤੀ ਗਈ ਹੈ। ਵੋਟਾਂ ਦੌਰਾਨ ਕਈ ਥਾਵਾਂ ਤੇ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਨਾਲ ਝੜਪਾਂ ਹੋਣ ਦੀਆਂ ਖਬਰਾਂ ਹਨ। ਬਠਿੰਡਾ, ਗਿੱਦੜਬਾਹਾ, ਸਮਾਣਾ, ਮਜੀਠਾ, ਭਿੱਖੀਵਿੰਡ, ਪੱਟੀ, ਧੂਰੀ, ਸੁਜਾਨਪੁਰ ਅਤੇ ਕਈ ਹੋਰ ਥਾਵਾਂ ਤੇ ਝੜਪਾਂ ਦੀਆਂ ਖਬਰਾਂ ਹਨ।  ਇਸ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਰੀ ਪੁਲੀਸ ਫੋਰਸ ਵਲੋਂ ਸੜਕ ਉਪਰ ਰੋਕਾਂ ਲਗਾ ਕੇ ਧੂਰੀ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਹੈ। ਇਸ ਦੌਰਾਨ ਬਿੱਟੂ ਅਤੇ ਪੁਲੀਸ ਅਧਿਕਾਰੀਆਂ ਵਿਚਕਾਰ ਕਾਫ਼ੀ ਤਕਰਾਰ ਹੋਈ। ਰਵਨੀਤ ਸਿੰਘ ਬਿੱਟੂ ਪੁਲੀਸ ਵਲੋਂ ਧੂਰੀ ਵਿਖੇ ਪਾਰਟੀ ਆਗੂ ਪ੍ਰੋ. ਓਂਕਾਰ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਮਿਲਣ ਤੇ ਪੁੱਜੇ ਸਨ।  ਸਥਾਨਕ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ’ਚ ਹਨ ਜਿਨ੍ਹਾਂ ਦੀ ਕਿਸਮਤ ਦਾ ਅੱਜ 35.45 ਲੱਖ ਵੋਟਰਾਂ ਵੱਲੋਂ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਸੂਬੇ ਭਰ ’ਚ 1,014 ਪੋਲਿੰਗ ਬੂਥ ਬਣਾਏ ਗਏ ਹਨ ਅਤੇ 35 ਹਜ਼ਾਰ ਦੇ ਕਰੀਬ ਚੋਣ ਅਮਲਾ ਭਲਕੇ ਜਮਹੂਰੀ ਪ੍ਰਕਿਰਿਆ ’ਚ ਡਿਊਟੀ ‘ਤੇ ਤਾਇਨਾਤ ਕੀਤਾ ਗਿਆ। ਇਸ ਤੋਂ ਇਲਾਵਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨਿਬੇੜਨ ਲਈ 32 ਹਜ਼ਾਰ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਇਹਨਾਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀ ਹੀ ਰਾਜਨੀਤਿਕ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਗਿਆ। ਇਹ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਜਾ ਰਹੀਆਂ ਹਨ, ਇਸ ਲਈ ਇਸ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਵੀ ਮੰਨਿਆ ਜਾ ਰਿਹਾ। ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਵਿੱਚ ਡਟੇ ਹੋਏ ਹਨ।

error: Content is protected !!