ਚੰਡੀਗੜ-ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਕਾਂਗਰਸ ’ਚ ਉੱਠੇ ਬਗ਼ਾਵਤੀ ਰੌਂਅ ਦਰਮਿਆਨ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਪੰਜਾਬ ਦੀ ਲੀਡਰਸ਼ਿਪ ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਕਾਂਗਰਸ ’ਚ ਕੋਈ ਮੱਤਭੇਦ ਹੋਣ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦਾ ਫ਼ੈਸਲਾ ਬਦਲਿਆ ਨਹੀਂ ਜਾਵੇਗਾ ਤੇ ਪੰਜਾਬ ਕਾਂਗਰਸ ’ਚ ਹੁਣ ਸਭ ਕੁੱਝ ਠੀਕ ਹੈ। ਦੂਜੇ ਪਾਸੇ ਸਾਬਕਾ ਮੁੱਖ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਰਾਜਾ ਵੜਿੰਗ ਨੂੰ ਕੁਰਸੀ ਤੋਂ ਉਤਾਰਨ ਲਈ ਮੁਹਿੰਮ ਜਾਰੀ ਹੈ।
ਬਘੇਲ ਨੇ ਬਾਗ਼ੀ ਰੌਂਅ ਰੱਖਣ ਵਾਲੇ ਸੂਬਾਈ ਕਾਂਗਰਸ ਦੇ ਵੱਡੇ ਆਗੂਆਂ ਦੀ ਗੈਰ-ਮੌਜੂਦਗੀ ’ਚ ਅੱਜ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਬਿਗਲ ਵਜਾਉਂਦਿਆਂ ਕਿਹਾ ਕਿ ਕਾਂਗਰਸ ਪੰਜਾਬ ’ਚ ਇਕਲੌਤਾ ਬਦਲ ਹੈ। ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਕੀਤੇ ਇਸ ਐਲਾਨ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਮੌਜੂਦ ਸਨ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਇਸ ਮੌਕੇ ਗ਼ੈਰ-ਹਾਜ਼ਰ ਸਨ।
