ਨਵੀਂ ਦਿੱਲੀ-ਮਨੁੱਖੀ ਹੱਕਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ’ਤੇ ਬਣੀ ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਕਾਇਮ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨੇ ਔਨਲਾਈਨ ਸਟ੍ਰੀਮਿੰਗ ਪਲੈਟਫਾਰਮਾਂ (ਓ ਟੀ ਟੀ) ’ਤੇ ਫਿਲਮ ਉਪਰ ਲੱਗੀ ਪਾਬੰਦੀ ਰੱਖਣ ਦੀ ਸਿਫਾਰਸ਼ ਕੀਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਕਮੇਟੀ ਦਾ ਮੰਨਣਾ ਹੈ ਕਿ ਫਿਲਮ ‘ਸਤਲੁਜ’ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਖ਼ਿਲਾਫ਼ ਪ੍ਰਚਾਰ ਕਰਦੀ ਹੈ।
ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਫਿਲਮ ‘ਸਤਲੁਜ’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ, ਜਿਨ੍ਹਾਂ 1984 ਤੋਂ 1994 ਦਰਮਿਆਨ ਪੰਜਾਬ ਵਿੱਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੇ ਮਾਮਲੇ ਦੀ ਪੁਣ-ਛਾਣ ਕੀਤੀ ਸੀ ਅਤੇ 1995 ਵਿੱਚ ਪੁਲੀਸ ਹਿਰਾਸਤ ਦੌਰਾਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਫਿਲਮ ’ਚ ਖਾਲੜਾ ਦਾ ਕਿਰਦਾਰ ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਨਿਭਾਇਆ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਫਿਲਮ ਰਿਲੀਜ਼ ਦੇ ਦੋ ਦਿਨਾਂ ਬਾਅਦ ਹੀ ਇਸ ਨੂੰ ਜ਼ੀ5 ਪਲੈਟਫਾਰਮ ਤੋਂ ਹਟਾ ਦਿੱਤਾ ਸੀ, ਜਿਸ ਮਗਰੋਂ ਆਈ ਟੀ ਨਿਯਮ 2021 ਤਹਿਤ ਅੰਤਰ-ਵਿਭਾਗੀ ਕਮੇਟੀ ਬਣਾਈ ਗਈ ਸੀ।
ਕਮੇਟੀ ਅਨੁਸਾਰ ਫਿਲਮ ’ਚ ਖਾੜਕੂਆਂ ਦੀਆਂ ਗਤੀਵਿਧੀਆਂ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਦੀਆਂ ਵਧੀਕੀਆਂ ਨੂੰ ਇਕਪਾਸੜ ਤਰੀਕੇ ਨਾਲ ਦਿਖਾਇਆ ਗਿਆ ਹੈ, ਜਿਸ ਕਾਰਨ ਆਈ ਟੀ ਐਕਟ ਦੀ ਧਾਰਾ 69ਏ ਤਹਿਤ ਲੱਗੀ ਪਾਬੰਦੀ ਜਾਇਜ਼ ਹੈ। ਦੂਜੇ ਪਾਸੇ, ਪੰਜਾਬ ਵਿੱਚ ਇਹ ਮੁੱਦਾ ਸਿਆਸੀ ਰੂਪ ਧਾਰਨ ਕਰ ਚੁੱਕਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ’ਚ ਫਿਲਮ ਦਿਖਾਉਣ ਦਾ ਐਲਾਨ ਕੀਤਾ ਹੈ।
