Sep 17, 2026
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,5 ਅਗਸਤ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਪੰਜਾਬ ਵਿਧਾਨ ਸਭਾ ਵਿੱਚ ਹੋਏ ਕਥਿਤ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਇੱਕ ਮਹਿਲਾ ਵਿਧਾਇਕਾ ਪ੍ਰਤੀ ਅਪਣਾਇਆ ਗਿਆ ਰਵੱਈਆ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਰੀ ਸਨਮਾਨ ਦੇ ਖ਼ਿਲਾਫ਼ ਹੈ।
ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਗਨੀਵ ਕੌਰ ਮਜੀਠੀਆ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ‘ਆਪ’ ਲੀਡਰਸ਼ਿਪ ਵੱਲੋਂ ਆਪਣੇ ਆਪ ਨੂੰ “ਗੁਰੂ ਤੋਂ ਉੱਪਰ ਵਾਲੀ ਸੰਗਤ” ਕਹੇ ਜਾਣ ਦਾ ਸਖ਼ਤ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨਾਲ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਅਤੇ ਕਥਿਤ ਤੌਰ ‘ਤੇ ਧਮਕੀਆਂ ਦੇਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।
ਪੰਜਾਬ ਵਿਧਾਨ ਸਭਾ ਵਿਚਾਰ-ਵਟਾਂਦਰੇ ਅਤੇ ਲੋਕਾਂ ਦੀ ਆਵਾਜ਼ ਉਠਾਉਣ ਦਾ ਸਰਵਉੱਚ ਲੋਕਤੰਤਰੀ ਮੰਚ ਹੈ,ਨਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਧੱਕੇਸ਼ਾਹੀ ਨਾਲ ਦਬਾਉਣ ਦਾ। ਜੇਕਰ ਵਿਰੋਧ ਕਰਨ ਵਾਲੇ ਵਿਧਾਇਕਾਂ ਨੂੰ ਧਮਕਾਇਆ ਜਾਂ ਅਪਮਾਨਿਤ ਕੀਤਾ ਜਾਵੇਗਾ ਤਾਂ ਇਹ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਆਮ ਆਦਮੀ ਪਾਰਟੀ ਦਾ ਇਹ ਰਵੱਈਆ ਉਸ ਦੀ ਔਰਤ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸੱਚ,ਪੰਥ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਕਿਸੇ ਵੀ ਮਹਿਲਾ ਨਾਲ ਅਜਿਹੇ ਵਿਵਹਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।