ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਏਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੇ ਮਾਮਲਾ ਵਿਚਾਰਨਯੋਗ ਮੰਨਦਿਆਂ ਮਰਹੂਮ ਪੱਤਰਕਾਰ ਦੇ ਪੁੱਤਰ ਅਰਿਦਮਨ ਵੱਲੋਂ ਦਾਖ਼ਲ ਪਟੀਸ਼ਨ ’ਤੇ ਅੰਤਿਮ ਸੁਣਵਾਈ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਤੈਅ ਕੀਤੀ ਹੈ।ਸੁਣਵਾਈ ਦੌਰਾਨ ਰਾਮ ਰਹੀਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੂਬਾ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਕੀਤੀ ਹੈ। ਬੈਂਚ ਨੇ ਟਿੱਪਣੀ ਕੀਤੀ ਕਿ ਅਦਾਲਤ ਇਸ ਤੱਥ ਤੋਂ ਜਾਣੂ ਹੈ ਕਿ ਸ਼ਾਇਦ ਸੂਬਾ ਸਰਕਾਰ ਅਪੀਲ ਨਾ ਕਰੇ। 58 ਸਾਲਾ ਡੇਰਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ ਅਤੇ 2017 ਵਿੱਚ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਪੱਤਰਕਾਰ ਛਤਰਪਤੀ ਨੂੰ ਅਕਤੂਬਰ 2002 ਵਿੱਚ ਸਿਰਸਾ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਆਪਣੇ ਅਖ਼ਬਾਰ ‘ਪੂਰਾ ਸੱਚ’ ਵਿੱਚ ਡੇਰਾ ਹੈੱਡਕੁਆਰਟਰ ਵਿੱਚ ਔਰਤਾਂ ਦੇ ਕਥਿਤ ਜਿਨਸੀ ਸ਼ੋਸ਼ਣ ਬਾਰੇ ਪੱਤਰ ਛਾਪਿਆ ਸੀ, ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਗਿਆ ਸੀ ਤੇ 2006 ਵਿੱਚ ਇਹ ਮਾਮਲਾ ਸੀ ਬੀ ਆਈ ਨੂੰ ਸੌਂਪਿਆ ਗਿਆ ਸੀ। ਪੰਚਕੂਲਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਜਨਵਰੀ 2019 ਵਿੱਚ ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ, ਜਿੱਥੋਂ 7 ਮਾਰਚ ਨੂੰ ਉਸ ਨੂੰ ਬਰੀ ਕਰ ਦਿੱਤਾ ਗਿਆ।
