ਚੰਡੀਗੜ- ਕੌਮੀ ਇਨਸਾਫ ਮੋਰਚਾ ਪੰਜਾਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਮਾਰਚ ਕੀਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਹਨ। ਪਤਾ ਲੱਗਿਆ ਹੈ ਕਿ ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ ਪਰ ਇਸ ਦੀ ਅਧਿਕਾਰੀਆਂ ਨੇ ਪੁਸ਼ਟੀ ਨਹੀਂ ਕੀਤੀ।
ਦੱਸਣਾ ਬਣਦਾ ਹੈ ਕਿ 29 ਜੁਲਾਈ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਵਾਰਿਸ ਪੰਜਾਬ ਦੇ ਪ੍ਰਦਰਸ਼ਨ ਦੌਰਾਨ ਹੋਏ ਵਿਵਾਦ ਤੋਂ ਬਾਅਦ ਪੁਲੀਸ ਇਸ ਵਾਰ ਜ਼ਿਆਦਾ ਚੌਕਸ ਹੈ। ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਜ਼ਿਆਦਾਤਰ ਰਸਤਿਆਂ ’ਤੇ ਪੁਲੀਸ ਨੇ ਬੈਰੀਕੇਡਿੰਗ ਕਰ ਦਿੱਤੀ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ ਹੈ।
