Sep 3, 2026

ਸਰੀ, 3 ਸਤੰਬਰ (ਹਰਦਮ ਮਾਨ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸਿੱਖ ਮਰਿਆਦਾ ਦੀ ਬਹਾਲੀ, ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਮੂਹ ਸੰਗਤਾਂ, ਸਿੱਖ ਜਥੇਬੰਦੀਆਂ, ਸਤਿਕਾਰ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ 5 ਸਤੰਬਰ ਨੂੰ ਚੇਤਨਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਬੁਲਾਰੇ ਕੁਲਦੀਪ ਸਿੰਘ, ਸਿੱਖ ਜਥੇਬੰਦੀਆਂ ਦੇ ਬੁਲਾਰੇ ਧਰਮ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਬੁਲਾਰੇ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਰੋਸ ਮੁਜ਼ਾਹਰਾ 5 ਸਤੰਬਰ ਨੂੰ ਸ਼ਾਮ 5 ਵਜੇ ਤੋਂ 7 ਵਜੇ ਤੱਕ 88 ਐਵਨਿਊ ਅਤੇ ਕਿੰਗ ਜੌਰਜ ਚੌਂਕ, ਬੇਅਰ ਕਰੀਕ ਪਾਰਕ ਨੇੜੇ ਕੀਤਾ ਜਾਵੇਗਾ। ਆਗੂਆਂ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

ਆਗੂਆਂ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇੱਕ ਪਾਸੇ ਉਸ ਨੂੰ ਲਗਾਤਾਰ ਪੈਰੋਲ ਮਿਲ ਰਹੀ ਹੈ, ਜਦਕਿ ਦੂਜੇ ਪਾਸੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਮਾਤਾ ਦੀ ਗੰਭੀਰ ਸਿਹਤ ਦੇ ਬਾਵਜੂਦ ਪੈਰੋਲ ਦੇਣ ਵਿੱਚ ਸਰਕਾਰਾਂ ਵੱਲੋਂ ਕਥਿਤ ਤੌਰ ’ਤੇ ਟਾਲਮਟੋਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਕਥਿਤ ਵਿਤਕਰੇ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹੋਣ ਦੇ ਬਾਵਜੂਦ ਰਿਹਾਈ ਨਾ ਕੀਤੇ ਜਾਣ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਨੂੰ ਮਨੁੱਖੀ ਅਤੇ ਨਿਆਂਸੰਗਤ ਦ੍ਰਿਸ਼ਟੀਕੋਣ ਨਾਲ ਵਿਚਾਰਦਿਆਂ ਉਨ੍ਹਾਂ ਦੀ ਰਿਹਾਈ ਲਈ ਠੋਸ ਕਦਮ ਚੁੱਕੇ ਜਾਣ।

ਉਨ੍ਹਾਂ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਲਗਾਤਾਰ ਅਣਗੌਲਿਆ ਨਾ ਕੀਤਾ ਜਾਵੇ। ਜੇਕਰ ਸਰਕਾਰਾਂ ਨੇ ਇਨ੍ਹਾਂ ਮਸਲਿਆਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਆਗੂਆਂ ਨੇ ਸਮੂਹ ਸੰਗਤਾਂ ਨੂੰ 5 ਸਤੰਬਰ ਦੇ ਚੇਤਨਾ ਰੋਸ ਮੁਜ਼ਾਹਰੇ ਵਿੱਚ ਸ਼ਾਂਤਮਈ ਢੰਗ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *