ਚੰਡੀਗੜ- ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲੀਸ ਦੇ ਸਾਬਕਾ ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ ਪਾਰਟੀ ਵਿੱਚ ਸ਼ਾਮਲ ਹੋ ਗਏ। ਦੋਵਾਂ ਸਾਬਕਾ ਅਧਿਕਾਰੀਆਂ ਨੂੰ ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਨਿਰੰਜਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਕਾਰਨ ਹਾਲਾਤ ਚਿੰਤਾਜਨਕ ਹਨ। ਸੂਬੇ ਵਿੱਚ ਡਰੱਗ ਮਾਫ਼ੀਆ ਪੁਲੀਸ ਅਤੇ ਰਾਜਸੀ ਆਗੂਆਂ ਦੀ ਸਰਪ੍ਰਸਤੀ ਹੇਠ ਹੀ ਚੱਲ ਰਿਹਾ ਹੈ। ਨਿਰੰਜਨ ਸਿੰਘ ਨੇ ਆਖਿਆ ਕਿ ਨੌਕਰੀ ਦੌਰਾਨ ਵੀ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਲੰਮੀ ਲੜਾਈ ਲੜੀ ਸੀ ਅਤੇ ਵਾਰਿਸ ਪੰਜਾਬ ਜਥੇਬੰਦੀ ਵੀ ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਚੁੱਕ ਰਹੀ ਹੈ। ਇਸੇ ਲਈ ਉਨ੍ਹਾਂ ਨੇ ਇਸ ਜਥੇਬੰਦੀ ਨਾਲ ਮਿਲ ਕੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਹੈ। ਈ ਡੀ ਵਿੱਚ ਹੁੰਦਿਆਂ ਹੀ ਨਸ਼ਿਆਂ ਦੀ ਸਰਪ੍ਰਸਤੀ ਕਰਨ ਵਾਲਿਆਂ ਦਾ ਨਾਮ ਲਏ ਤਾਂ ਜਾਂਚ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਨੇ ਨਸ਼ਿਆਂ ਦੇ ਮਾਮਲਿਆਂ ਵਿੱਚ 8 ਤੋਂ 9 ਰਿਪੋਰਟਾਂ ਬੰਦ ਲਿਫ਼ਾਫ਼ੇ ਵਿੱਚ ਸੌਂਪੀਆਂ ਸਨ ਅਤੇ ਜਿਸ ’ਤੇ ਐੱਸ ਟੀ ਐੱਫ ਵੱਲੋਂ ਕਈ ਕੇਸ ਦਰਜ ਕੀਤੇ ਗਏ। ਈ ਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨੇ 1200 ਕਰੋੜ ਰੁਪਏ ਦੇ ਸਿੰਜਾਈ ਘੁਟਾਲੇ ਬਾਰੇ ਦੋਸ਼ ਲਾਇਆ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ ਦਬਾ ਦਿੱਤਾ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਨਸ਼ੇ ਦਾ ਮੁਕੰਮਲ ਖ਼ਾਤਮਾ ਹੋਣ ਤੱਕ ਲੜਾਈ ਜਾਰੀ ਰੱਖੀ ਜਾਵੇਗੀ। ਸ੍ਰੀ ਇਯਾਲੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਰਾਂ ਵਿੱਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
