ਚੰਡੀਗੜ- ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਮ ਆਦਮੀ ਪਾਰਟੀ ਨੇ ਮੌੜ ਮੰਡੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦੀ ਮੁਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਉਨ੍ਹਾਂ ਅੱਜ ਸੋਸ਼ਲ ਮੀਡੀਆ ਉਪਰ ਪਾਰਟੀ ਦੇ ਵਿਰੁੱਧ ਸਕੂਲਾਂ ਦੇ ਖਸਤਾ ਹਾਲ ਤੇ ਹੋਰ ਮੁੱਦਿਆਂ ’ਤੇ ਆਪਣੀ ਭੜਾਸ ਕੱਢੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸੁਖਵੀਰ ਸਿੰਘ ਮਾਈਸਰਖਾਨਾ ਨੇ ਅੱਜ ਪੰਦਰਾਂ ਕੁ ਮਿੰਟ ਦੀ ਇੱਕ ਫੇਸਬੁੱਕ ਲਾਈਵ ਵੀਡੀਓ ਪਾਈ ਤੇ ਉਸ ਦੌਰਾਨ ਭਾਵੁਕ ਹੋ ਗਏ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਹ ਅਧਿਕਾਰੀਆਂ ਕੋਲ ਇਹ ਮੁੱਦਾ ਵਾਰ-ਵਾਰ ਚੁੱਕ ਚੁੱਕੇ ਹਨ। ਪਹਿਲੀ ਵਾਰ ਵਿਧਾਇਕ ਬਣੇ ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਲ ਵੀ ਉਠਾਇਆ ਸੀ ਪਰ ਅਧਿਆਪਕਾਂ ਦੀ ਘਾਟ ਉਸੇ ਤਰ੍ਹਾਂ ਬਣੀ ਰਹੀ।
ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਆਪਣੇ ਹਲਕੇ ਦੇ ਸਕੂਲਾਂ, ਜਿਨ੍ਹਾਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਵੀ ਸ਼ਾਮਲ ਹੈ ਜਿੱਥੇ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ, ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਾਰ-ਵਾਰ ਬੇਨਤੀ ਕੀਤੀ ਸੀ।
ਇਹ ਦਾਅਵਾ ਕਰਦਿਆਂ ਕਿ ਉਹ ਇਕਲੌਤੇ ਵਿਧਾਇਕ ਹਨ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭੇਜਿਆ ਹੈ, ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਧਿਆਪਕ ਹੀ ਮੌਜੂਦ ਨਹੀਂ ਹਨ ਤਾਂ ਉਨ੍ਹਾਂ ਦੇ ਬੱਚਿਆਂ ਦਾ ਕੀ ਕਸੂਰ ਹੈ। ਉਨ੍ਹਾਂ ਦਾ ਇਹ ਗੁੱਸਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਉਮੀਦਵਾਰ ਬਣਾ ਸਕਦੀ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣ 35,008 ਵੋਟਾਂ ਦੇ ਫਰਕ ਨਾਲ ਜਿੱਤੀ ਸੀ।
