Oct 8, 2026

ਨਵੀਂ ਦਿੱਲੀ ( ਦਿਓਲ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ  ਦੀ ਪਟੀਸ਼ਨ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਪਟੀਸ਼ਨ ਵਿੱਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਉਹਨਾਂ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਬੈਂਚ ਨੇ ਹੁਕਮ ਦਿੱਤਾ ਕਿ ਪਟੀਸ਼ਨ 28 ਅਕਤੂਬਰ ਨੂੰ ਸੂਚੀ (ਬੋਰਡ) ਵਿੱਚ ਸਭ ਤੋਂ ਉੱਪਰ ਰੱਖੀ ਜਾਵੇ।

ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ 28 ਅਕਤੂਬਰ ਨੂੰ ਸੂਚੀ (ਬੋਰਡ) ਵਿੱਚ ਸਭ ਤੋਂ ਉੱਪਰ ਰੱਖਿਆ ਜਾਵੇ। ਧੀਕ ਸੌਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਮਾਮਲੇ ਵਿੱਚ ਥੋੜ੍ਹਾ ਸਮਾਂ ਦੇਣ ਦੀ ਅਪੀਲ ਕੀਤੀ। ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਭਾਰਤ ਦੇ ਰਾਸ਼ਟਰਪਤੀ ਕੋਲ 2012 ਤੋਂ ਲੰਬਿਤ ਪਈ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨ ਵਿੱਚ ਹੋਈ ਦੇਰੀ ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ, ਜਿਸ ਵਿੱਚੋਂ ਉਹ 17 ਸਾਲਾਂ ਤੋਂ ਵੱਧ ਸਮੇਂ ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।

ਸਿਖਰਲੀ ਅਦਾਲਤ ਨੇ 2023 ਵਿੱਚ ਕਿਹਾ ਸੀ ਕਿ ਅਧਿਕਾਰੀਆਂ ਨੂੰ ਰਹਿਮ ਦੀ ਅਪੀਲ  ‘ਤੇ ਫ਼ੈਸਲਾ ਲੈਣਾ ਚਾਹੀਦਾ ਹੈ। 20 ਜਨਵਰੀ 2024 ਨੂੰ, ਸਿਖਰਲੀ ਅਦਾਲਤ ਨੇ ਕੇਂਦਰ ਵੱਲੋਂ ਰਹਿਮ ਅਪੀਲ ‘ਤੇ ਫ਼ੈਸਲਾ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਕੇਂਦਰ ਨੂੰ ਇਸ ’ਤੇ ਫ਼ੈਸਲਾ ਲੈਣ ਲਈ ਕਿਹਾ ਸੀ।

ਕੇਂਦਰ ਸਰਕਾਰ ਨੇ ਇਹ ਪੱਖ ਰੱਖਿਆ ਸੀ ਕਿ ਇਹ ਮਾਮਲਾ “ਸੰਵੇਦਨਸ਼ੀਲ” ਹੈ ਕਿਉਂਕਿ ਇਹ ਇੱਕ ਮੌਜੂਦਾ ਮੁੱਖ ਮੰਤਰੀ ਦੇ ਕਤਲ ਨਾਲ ਜੁੜਿਆ ਹੋਇਆ ਹੈ; ਸਰਕਾਰ ਨੇ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਲਈ ਸਮਾਂ ਮੰਗਿਆ ਅਤੇ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰ ਰਹੀ ਹੈ। ਬੱਬਰ ਖਾਲਸਾ ਅਤਿਵਾਦੀ ਸਮੂਹ ਦੇ ਹਮਾਇਤੀ ਰਾਜੋਆਣਾ ਨੇ ਬੇਅੰਤ ਸਿੰਘ ਦੇ ਕਤਲ ਵਿੱਚ ਆਪਣੀ ਭੂਮਿਕਾ ਦੇ ਸਬੰਧ ਵਿੱਚ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਸੀ।

ਰਾਜੋਆਣਾ ਨੇ ਭਾਰਤ ਦੇ ਰਾਸ਼ਟਰਪਤੀ ਕੋਲ ਲੰਬਿਤ ਪਈ ਉਸ ਦੀ ਰਹਿਮ ਅਪੀਲ ਦਾ ਫ਼ੈਸਲਾ ਕਰਨ ਵਿੱਚ ‘ਅਸਾਧਾਰਨ’ ਅਤੇ ‘ਬੇਲੋੜੀ ਦੇਰੀ’ ਦੇ ਆਧਾਰ ‘ਤੇ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ।

ਅਪੀਲ ਵਿੱਚ ਇਸ ਆਧਾਰ ‘ਤੇ ਨਤੀਜੇ ਵਜੋਂ ਰਿਹਾਈ ਦੀ ਮੰਗ ਕੀਤੀ ਗਈ ਕਿ ਉਸ ਨੇ ਲਗਪਗ 29 ਸਾਲਾਂ ਦੀ ਕੁੱਲ ਸਜ਼ਾ ਭੁਗਤ ਲਈ ਹੈ, ਜਿਸ ਵਿੱਚੋਂ 17 ਸਾਲ 8” x 10” ਦੀ ਫਾਂਸੀ ਵਾਲੀ ਕੋਠੜੀ ਵਿੱਚ ਮੌਤ ਦੀ ਸਜ਼ਾ ਕੱਟਣ ਵਾਲੇ ਕੈਦੀ ਵਜੋਂ ਬੀਤੇ ਹਨ, ਜਿਸ ਵਿੱਚ 2.5 ਸਾਲ ਇਕਾਂਤ ਕੈਦ (ਸੋਲਿਟਰੀ ਕਨਫਾਈਨਮੈਂਟ) ਵੀ ਸ਼ਾਮਲ ਹੈ।

ਦੋਸ਼ੀ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਨ੍ਹਾਂ ਦੀ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਇੱਕ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।

Leave a Reply

Your email address will not be published. Required fields are marked *