Nov 13, 2026

featured-img

ਮੈਡੀਕਲ ਸਟੋਰ ਮਾਲਕ ਵਲੋਂ ਚਲਾਈ ਗੋਲੀ ਨਾਲ ਪਰਵਿੰਦਰ ਦੇ ਚਾਰ ਸਾਥੀ ਵੀ ਜ਼ਖਮੀ-

ਮਾਨਸਾ-ਇੱਥੇ ਨਸ਼ਿਆਂ ਖ਼ਿਲਾਫ਼ ਲੜਨ ਵਾਲੀ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਚਿੱਟੇ ਦਿਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਵਿੱਚ ਝੋਟੇ ਦੇ ਚਾਰ ਸਾਥੀ ਵੀ ਜ਼ਖ਼ਮੀ ਹੋ ਗਏ। ਘਟਨਾ ਮਗਰੋਂ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਰੋਹ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੀ ਦੁਕਾਨ ਦੀ ਭੰਨ-ਤੋੜ ਕਰ ਕੇ ਬਾਜ਼ਾਰ ਬੰਦ ਕਰਵਾ ਦਿੱਤਾ। ਪੁਲੀਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪਰਵਿੰਦਰ ਝੋਟਾ ਲੰਮੇ ਸਮੇਂ ਤੋਂ ਸ਼ਹਿਰ ਵਿੱਚ ਨਸ਼ਾ ਵਿਕਣ ਦਾ ਵਿਰੋਧ ਕਰ ਰਿਹਾ ਸੀ। ਅੱਜ ਸਵੇਰੇ ਉਹ ਆਪਣੇ ਸਾਥੀਆਂ ਨਾਲ ਰੇਲਵੇ ਫਾਟਕ ਕੋਲ ਸਥਿਤ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ’ਤੇ ਪਹੁੰਚਿਆ। ਉੱਥੇ ਉਸ ਨੇ ਅਸ਼ਵਨੀ ’ਤੇ ਨਸ਼ੇ ਦੀਆਂ ਗੋਲੀਆਂ ਵੇਚਣ ਦੇ ਦੋਸ਼ ਲਾਏ, ਜਿਸ ਮਗਰੋਂ ਉਨ੍ਹਾਂ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਅਸ਼ਵਨੀ ਨੇ ਪਹਿਲਾਂ ਉਸ ’ਤੇ ਪਿਸਤੌਲ ਤਾਣੀ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਪਰਵਿੰਦਰ ਉੱਥੋਂ ਭੱਜਿਆ ਤਾਂ ਮੁਲਜ਼ਮ ਨੇ ਪਿੱਛਾ ਕਰਦਿਆਂ ਮੁੜ ਗੋਲੀਆਂ ਚਲਾਈਆਂ। ਮਗਰੋਂ ਉਹ ਬੂਟਾਂ ਦੀ ਦੁਕਾਨ ’ਚ ਖ਼ੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।ਵਾਰਦਾਤ ਵਿੱਚ ਉਸ ਦੇ ਸਾਥੀ ਬਲਤੇਜ ਸਿੰਘ (65), ਕੁਲਵਿੰਦਰ ਸਿੰਘ (42), ਹੈਪੀ ਸਿੰਘ (24) ਅਤੇ ਗੋਬਿੰਦ ਸਿੰਘ (30) ਵੀ ਜ਼ਖ਼ਮੀ ਹੋਏ, ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਸਿਟੀ-2 ਦੀ ਪੁਲੀਸ ਨੇ ਅਸ਼ਵਨੀ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਭਜਾਉਣ ਵਾਲੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਮੁਲਜ਼ਮ ਦੇ ਪਰਿਵਾਰ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਪੁਲੀਸ ਵੱਲੋਂ ਹੱਤਿਆ ਪਿੱਛੇ ਨਿੱਜੀ ਰੰਜਿਸ਼ ਦਾ ਦਾਅਵਾ-

ਬਠਿੰਡਾ ਰੇਂਜ ਦੇ ਡੀ ਆਈ ਜੀ ਹਰਜੀਤ ਸਿੰਘ ਨੇ ਮੁੱਢਲੀ ਜਾਂਚ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਰਵਿੰਦਰ ਝੋਟੇ ਦੀ ਹੱਤਿਆ ਪਿੱਛੇ ਨਿੱਜੀ ਰੰਜਿਸ਼ ਹੋ ਸਕਦੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਪੁਲੀਸ ਦੇ ਇਨ੍ਹਾਂ ਮੁੱਢਲੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਵਿਵਾਦ ਭਾਵੇਂ ਕੁਝ ਵੀ ਹੋਵੇ, ਪਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਹੱਕ ਨਹੀਂ ਹੈ।

ਵਿਰੋਧੀ ਧਿਰਾਂ ਨੇ ਸਰਕਾਰ ਘੇਰੀ-

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਗਰੋਂ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਹੱਤਿਆ ਦੀ ਸੀ ਬੀ ਆਈ ਜਾਂਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸੂਬਾ ਪੱਧਰੀ ਰੋਸ ਵਿਖਾਵਿਆਂ ਦਾ ਐਲਾਨ ਕੀਤਾ। ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫ਼ੀਆ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕਾ ਹੈ ਅਤੇ ਸਰਕਾਰ ਸਿਰਫ਼ ਉਗਰਾਹੀ ਤੱਕ ਸੀਮਤ ਰਹਿ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਮੁੱਖ ਮੰਤਰੀ ਹਾਲਾਤ ਸੰਭਾਲਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਜੇ ਪੁਲੀਸ ਵੇਲੇ ਸਿਰ ਕਾਰਵਾਈ ਕਰਦੀ ਤਾਂ ਦਲੇਰ ਨੌਜਵਾਨ ਦੀ ਜਾਨ ਨਾ ਜਾਂਦੀ।

-ਭੜਕੀ ਭੀੜ ਨੇ ਅਸ਼ਵਨੀ ਦੇ ਸਟੋਰ ਨੂੰ ਅੱਗ ਲਗਾਈ-

-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਜ ਬਾਅਦ ਦੁਪਹਿਰ ਭੜਕੀ ਹੋਈ ਭੀੜ ਵੱਲੋਂ ਅੱਗ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਗੁੱਸੇ ਵਿੱਚ ਆਏ ਨੌਜਵਾਨਾਂ ਵੱਲੋਂ ਉਸ ਦੇ ਮੈਡੀਕਲ ਸਟੋਰ ਦੀ ਭੰਨ-ਤੋੜ ਕੀਤੀ ਗਈ ਸੀ। ਨੌਜਵਾਨਾਂ ਵੱਲੋਂ ਇੱਕ ਜੇ.ਸੀ.ਬੀ. (JCB) ਮਸ਼ੀਨ ਕਿਸੇ ਤੋਂ ਫੜ ਕੇ ਖ਼ੁਦ ਚਲਾ ਕੇ ਦੁਕਾਨ ਢਾਹੁਣੀ ਸ਼ੁਰੂ ਕਰ ਦਿੱਤੀ ਗਈ ਅਤੇ ਮਗਰੋਂ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ। ਭੜਕੀ ਹੋਈ ਭੀੜ ਅੱਗੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਈ ਵਾਹ ਨਹੀਂ ਚੱਲੀ। ਇਸੇ ਦੌਰਾਨ ਹੀ ਪੁਲੀਸ ਦੀ ਅਗਵਾਈ ਹੇਠ ਬਾਅਦ ਦੁਪਹਿਰ ਅਸ਼ਵਨੀ ਕੁਮਾਰ ਦੇ ਘਰ ਉੱਪਰ ਪੀਲਾ ਪੰਜਾ ਚਲਾਇਆ ਗਿਆ। ਇਹ ਪੀਲਾ ਪੰਜਾ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਨੇਕਾਂ ਨਸ਼ਾ ਤਸਕਰਾਂ ਦੇ ਘਰਾਂ ਉੱਪਰ ਚਲਾਇਆ ਜਾ ਚੁੱਕਿਆ ਹੈ ਅਤੇ ਅੱਜ ਵੀ ਨਸ਼ਿਆਂ ਦੇ ਤਸਕਰ ਵਜੋਂ ਉਸ ਦਾ ਘਰ ਢਾਹਿਆ ਗਿਆ ਹੈ।