ਸਰੀ ( ਦੇ ਪ੍ਰ ਬਿ)- ਅਕਾਲ ਸੇਵਾ ਫਾਊਂਡੇਸ਼ਨ ਵਲੋਂ ਜਾਰੀ ਇਕ ਬਿਆਨ ਰਾਹੀਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜ ਸੇਵੀ ਭਾਈ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਯੋਗਦਾਨ ਪਾਇਆ।
ਅਕਾਲ ਸੇਵਾ ਫਾਊਂਡੇਸ਼ਨ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਜਾਂਚ ਦੇ ਨਤੀਜੇ ਜਨਤਕ ਕੀਤੇ ਜਾਣ, ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਜੇਕਰ ਕਿਸੇ ਦੀ ਅਣਗਹਿਲੀ ਜਾਂ ਗ਼ੈਰ-ਕਾਨੂੰਨੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਫਾਊਂਡੇਸ਼ਨ ਇਹ ਵੀ ਮੰਗ ਕਰਦੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਉੱਠਣ ਵਾਲੀ ਆਵਾਜ਼ ਨੂੰ ਕਿਸੇ ਤਰ੍ਹਾਂ ਦਾ ਡਰ ਜਾਂ ਦਬਾਅ ਨਾ ਰੋਕ ਸਕੇ।
ਇਸੇ ਦੌਰਾਨ ਫਾਉਂਡੇਸ਼ਨ ਦੇ ਆਗੂ ਭਾਈ ਕਰਨੈਲ ਸਿੰਘ ਰਾਏ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੱਚਾਈ ਸਾਹਮਣੇ ਲਿਆਉਣ ਦੇ ਨਾਲ ਪਰਿਵਾਰ ਨੂੰ ਇਨਸਾਫ਼ ਮਿਲਣਾ ਬਹੁਤ ਜ਼ਰੂਰੀ ਹੈ।
