Nov 18, 2026

featured-img

ਦਾਦੀ ਦੇ ਅੰਤਿਮ ਸੰਸਕਾਰ ਲਈ ਤਿੰਨ ਘੰਟੇ ਲਈ ਪਿੰਡ ਜੱਲੂਪੁਰ ਖੇੜਾ ਵਿਖੇ ਹੋਣਗੇ ਅੰਤਿਮ ਰਸਮਾਂ ਵਿਚ ਸ਼ਾਮਿਲ-

ਅੰਮ੍ਰਿਤਸਰ ( ਭੰਗੂ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਵਾਸਤੇ ਸਥਾਨਕ ਅਦਾਲਤ ਨੇ ਕਸਟਡੀ ਪੈਰੋਲ ਤਹਿਤ 21 ਨਵੰਬਰ ਨੂੰ ਇੱਕ ਦਿਨ ਵਾਸਤੇ ਆਗਿਆ ਦਿੱਤੀ ਹੈ, ਜਦੋਂ ਕਿ 22 ਅਤੇ 23 ਨਵੰਬਰ ਨੂੰ ਫੁੱਲ ਚੁਗਣ ਅਤੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ। ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ।ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ 13 ਨਵੰਬਰ ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਦਿਆਂ 21 ਨਵੰਬਰ ਨੂੰ ਸੀਮਤ ਸਮੇਂ ਲਈ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਅਦਾਲਤੀ ਹੁਕਮ ਅਨੁਸਾਰ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇਗੀ।ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਖਰਚਾ ਉਸ ਵੱਲੋਂ (ਅੰਮ੍ਰਿਤਪਾਲ ਸਿੰਘ) ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਸਬੰਧੀ ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ਵਿੱਚ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।

ਜਾਣਕਾਰੀ ਅਨੁਸਾਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ।

Leave a Reply

Your email address will not be published. Required fields are marked *