Nov 26, 2026

ਚੰਡੀਗੜ-ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਪਹਿਲਾਂ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਡੀ ਐੱਨ ਏ ਟੈਸਟ ਕਰਵਾਉਣ ਦੀਆਂ ਗੱਲਾਂ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਹੁਣ ਖ਼ੁਦ ਆਪਣਾ ਡੀ ਐੱਨ ਏ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਜੇ ਤੱਕ ਨਾ ਤਾਂ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਭੁੱਲੇ ਹਨ ਅਤੇ ਨਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ। ਪੰਜਾਬ ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ‘ਬੀ’ ਟੀਮ ਯਾਨੀ ‘ਆਪ’ ਪੰਜਾਬ ਤੋਂ ਭੱਜਣ ਦੀ ਤਿਆਰੀ ਵਿੱਚ ਹੈ, ਜਿਸ ਕਾਰਨ ਹੁਣ ਉਸ ਦੀ ‘ਏ’ ਟੀਮ ਭਾਜਪਾ ਨੇ ਅਕਾਲੀ ਦਲ ਨਾਲ ਹੱਥ ਮਿਲਾ ਕੇ ਸਿੱਧੇ ਚੋਣ ਮੈਦਾਨ ਵਿੱਚ ਉਤਰਨ ਦਾ ਫ਼ੈਸਲਾ ਕੀਤਾ ਹੈ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 45 ਅਤੇ ਬਾਬਾ ਰਾਮਦੇਵ ਚੌਕ (ਤੋਪਖਾਨਾ ਰੋਡ) ਵਿੱਚ ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਦੀ ਅਗਵਾਈ ਹੇਠ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ‘ਆਪ’ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਕਰਾਰ ਦਿੱਤਾ। ਉਨ੍ਹਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਨਾਮ ਲੈਂਦਿਆਂ ਸੂਬੇ ਵਿੱਚ ਵਧ ਰਹੇ ਮੈਡੀਕਲ ਨਸ਼ੇ ’ਤੇ ਸਵਾਲ ਚੁੱਕੇ। ਝੋਨੇ ਦੀ ਖ਼ਰੀਦ ਦਾ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਜੇ ਵੀ 25 ਤੋਂ 30 ਫ਼ੀਸਦੀ ਝੋਨਾ ਰੁਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਦੀ ਰੈਲੀ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਲਾਇਆ।

Leave a Reply

Your email address will not be published. Required fields are marked *