Headlines

1971 ਦੀ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਇਆ

ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਚਾਂਦਪੁਰ ਰੁੜਕੀ (ਐਸ.ਬੀ.ਐਸ. ਨਗਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ।
ਇੱਥੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੇ ਇਸ ਨਾਇਕ ਨੇ ਪਾਕਿਸਤਾਨ ਵਿਰੁੱਧ ਦੇਸ਼ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਬਲੀਦਾਨ ਨਾਲ ਕੌਮੀ ਸੁਤੰਤਰਤਾ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ। ਇਸੇ ਤਰ੍ਹਾਂ ਦੇਸ਼ ਦੀ ਆਜ਼ਾਦੀ ਨੂੰ ਬਚਾਉਣ ਦੇ ਸੰਘਰਸ਼ ਵਿੱਚ ਵੀ ਪੰਜਾਬੀ ਅਣਗਿਣਤ ਕੁਰਬਾਨੀਆਂ ਨਾਲ ਮੋਹਰੀ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬਹਾਦਰ ਫੌਜੀਆਂ ਨੇ ਅੱਤ ਦੀ ਗਰਮੀ ਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਆਰਾਮ ਨਾਲ ਸੌਂ ਸਕਣ। ਉਨ੍ਹਾਂ ਚੇਤੇ ਕੀਤਾ ਕਿ 1971 ਵਿੱਚ ਪਾਕਿਸਤਾਨ ਨੇ ਭਾਰਤ ਵਿੱਚ ਦਾਖ਼ਲ ਹੋਣ ਲਈ ਲੌਂਗੇਵਾਲਾ ਨੂੰ ਆਸਾਨ ਸ਼ਿਕਾਰ ਸਮਝਿਆ ਸੀ ਕਿਉਂਕਿ ਉੱਥੇ ਤਾਇਨਾਤ ਬ੍ਰਿਗੇਡੀਅਰ ਚਾਂਦਪੁਰੀ ਕੋਲ ਸਿਰਫ਼ 120 ਫੌਜੀਆਂ ਦੀ ਕੰਪਨੀ ਸੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਭਾਰਤ ਦੇ ਪੱਖ ਵਿੱਚ ਨਾ ਹੋਣ ਦੇ ਬਾਵਜੂਦ ਬ੍ਰਿਗੇਡੀਅਰ ਚਾਂਦਪੁਰੀ ਵੱਲੋਂ ਦਿਖਾਈ ਬਹਾਦਰੀ ਨਾਲ ਦੇਸ਼ ਜਿੱਤ ਦੇ ਰਾਹ ਉਤੇ ਪੈ ਸਕਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਰਾਹ ਉਤੇ ਚੱਲਦਿਆਂ 500 ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਵਿੱਚ ਪੜ੍ਹਦੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲ ਰਹੀ ਹੈ। ਇਸੇ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਮਿਸਾਲੀ ਪਹਿਲਕਦਮੀਆਂ ਰਾਹੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨੀ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਫੰਡ ਖੁਰਦ-ਬੁਰਦ ਕੀਤੇ ਹਨ, ਉਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਭ੍ਰਿਸ਼ਟ ਲੀਡਰਾਂ ਨੂੰ ਪਹਿਲਾਂ ਹੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ ਅਤੇ ਅਜਿਹੇ ਘਿਨਾਉਣੇ ਅਪਰਾਧ ਦੇ ਬਾਕੀ ਦੋਸ਼ੀ ਵੀ ਬਖ਼ਸ਼ੇ ਨਹੀਂ ਜਾਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਨਤਮਸਤਕ ਹੋਏ।
ਮੁੱਖ ਮੰਤਰੀ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਨਾਮ ਉਤੇ ਬਣੇ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਿਊਜ਼ੀਅਮ ਵਿਖੇ ਵੀ ਗਏ, ਜਿੱਥੇ ਲੌਂਗੇਵਾਲਾ ਜੰਗ ਦੀ ਸੂਰਮਗਤੀ ਅਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀਆਂ ਦੁਰਲੱਭ ਤਸਵੀਰਾਂ ਨੂੰ ਦਰਸਾਇਆ ਗਿਆ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।