Headlines

ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾ ਹੀਣ- ਬ੍ਰਹਮਪੁਰਾ

ਚੋਹਲਾ ਸਾਹਿਬ/ਤਰਨਤਾਰਨ (ਨਈਅਰ)-
ਪੰਜਾਬ ਦੀ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ‘ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੇਸ਼ ਕੀਤਾ ਗਿਆ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਸਬੂਤ ਹੈ।ਉਹਨਾਂ ਕਿਹਾ ਕਿ ‘ਆਪ’ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਅਜੇ ਤੱਕ ਇਸ ਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ ਹੈ ਅਤੇ ਲੋਕਾਂ ਨਾਲ ਕੀਤੇ ਹੋਰ ਵਾਅਦਿਆਂ ਤੋਂ ਵੀ ਭੱਜ ਗਈ ਹੈ।ੳਹਨਾ ਖ਼ਜ਼ਾਨੇ ਵਿੱਚ ਕੀਤੇ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ ਫੇਰ ਕਰਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ। ਇਸ ਦੇ ਉਲਟ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜਾ 42181 ਕਰੋੜ ਰੁਪਏ ਹੋਰ ਵਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ।ਉਹਨਾਂ ਕਿਹਾ ਕਿ ਇਹ ਕਰਜ਼ਾ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵਲ ਵਧ ਰਿਹਾ ਹੈ। ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਜ਼ਟ ਵਿਚ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ ਜਦੋਂ ਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ ਸੋ਼ਰ ਨਾਲ ਵਾਅਦਾ ਕੀਤਾ ਗਿਆ ਸੀ।