Headlines

ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤ ਸਥਾਪਤ

ਅੰਮ੍ਰਿਤਸਰ – ਘਿਓਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਕਸੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨਿਹੰਗ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸਥਾਨਕ ਸਰਕਾਰਾਂ ਦੇ ਮੰਤਰੀ ਡਾ.. ਇੰਦਰਬੀਰ ਸਿੰਘ ਨਿੱਜਰ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਆਦਿ ਨੇ ਅਦਾ ਕੀਤੀ। ਬੁੱਢਾ ਦਲ ਦੇ ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਜੀ ਦਿਲਚਸਪੀ ਲੈ ਕੇ ਅਤੇ ਸਥਾਨਕ ਸਰਕਾਰ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਘੋੜੇ ਤੇ ਆਦਮਕੱਦ ਬੁੱਤ ਘਿਉ ਮੰਡੀ ਚੌਂਕ ਵਿੱਚ ਸਥਾਪਤ ਕੀਤਾ ਗਿਆ ਹੈ ਜਿਸ ਦਾ ਰਸਮੀ ਉਦਘਾਟਨ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੁੱਤ ਤੋਂ ਪਰਦਾ ਹਟਾ ਕੇ ਕੀਤਾ। ਹੁਣ ਇਹ ਚੌਂਕ ਦਾ ਨਾਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਂਕ ਹੋਵੇਗਾ। ਯਾਦ ਰਹੇ ਕਿ ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਸਰਬਸੰਮਤੀ ਨਾਲ ਇਨ੍ਹਾਂ ਚੌਂਕਾਂ ‘ਚ ਬੁੱਤ ਲਗਾਉਣ ਅਤੇ ਨਾਮ ਬਦਲਣ ਦੀ ਪ੍ਰਵਾਨਗੀ ਹੋਈ ਹੈ। ਇਸੇ ਤਰ੍ਹਾਂ ਦੂਜਾ ਚੌਂਕ ਸ਼ੇਰਾਂਵਾਲਾ ਵਿਖੇ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਉਦਘਾਟਨ ਸਮੇਂ ਚੀਫ ਖਾਲਸਾ ਪ੍ਰਧਾਨ ਦੇ ਮੀਤ ਪ੍ਰਧਾਨ ਸ. ਜਗਜੀਤ ਸਿੰਘ ਤੇ ਜੁਆਇੰਟ ਸਕੱਤਰ ਸ. ਸੁਖਜਿੰਦਰ ਸਿੰਘ ਪ੍ਰਿੰਸ, ਸ. ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਨਿਹਾਲ ਸਿੰਘ, ਸ. ਜਗਜੀਤ ਸਿੰਘ ਸਵੀਟੀ, ਸ. ਹਰਪਾਲ ਸਿੰਘ ਵਾਲੀਆ, ਸ. ਜਗਦੀਸ਼ ਸਿੰਘ ਵਾਲੀਆ, ਸ. ਪ੍ਰਦੀਪ ਸਿੰਘ ਵਾਲੀਆ, ਸ. ਹਰਵਿੰਦਰ ਸਿੰਘ ਖਾਲਸਾ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ: ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਦੇ ਬੁੱਤ ਤੋਂ ਪਰਦਾ ਹਟਾਉਣ ਉਪਰੰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਡਾ. ਇੰਦਰਬੀਰ ਸਿੰਘ ਨਿੱਜਰ ਤੇ ਹੋਰ।