Headlines

ਬਿਲਕੀਸ ਬਾਨੋ ਕੇਸ: ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੇ ਮਾਮਲੇ ’ਚ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ

ਨਵੀਂ ਦਿੱਲੀ, 22 ਮਾਰਚ-ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜੇ ਬੀ ਪਾਰਦੀਵਾਲਾ ਦੇ ਬੈਂਚ ਨੇ ਬਾਨੋ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਲਈ ਨਵਾਂ ਬੈਂਚ ਬਣਾਇਆ ਜਾਵੇਗਾ। ਬਿਲਕੀਸ ਬਾਨੋ ਦੀ ਵਕੀਲ ਸ਼ੋਭਾ ਗੁਪਤਾ ਨੇ ਮਾਮਲੇ ’ਤੇ ਫੌਰੀ ਸੁਣਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੇਂ ਬੈਂਚ ਦੇ ਗਠਨ ਦੀ ਲੋੜ ਹੈ। ਇਸ ਤੋਂ ਪਹਿਲਾਂ 7 ਫਰਵਰੀ ਨੂੰ ਨਵੇਂ ਬੈਂਚ ਤੋਂ ਅਰਜ਼ੀ ’ਤੇ ਫੌਰੀ ਸੁਣਵਾਈ ਦੀ ਮੰਗ ਕੀਤੀ ਗਈ ਸੀ ਅਤੇ ਚੀਫ਼ ਜਸਟਿਸ ਨੇ ਬਾਨੋ ਦੇ ਵਕੀਲ ਨੂੰ ਯਕੀਨ ਦਿਵਾਇਆ ਸੀ ਕਿ ਬੈਂਚ ਦਾ ਛੇਤੀ ਗਠਨ ਕੀਤਾ ਜਾਵੇਗਾ। ਬਾਨੋ ਦੀ ਅਰਜ਼ੀ ’ਤੇ 24 ਜਨਵਰੀ ਨੂੰ ਸੁਣਵਾਈ ਨਹੀਂ ਹੋ ਸਕੀ ਸੀ ਕਿਉਂਕਿ ਸਬੰਧਤ ਜੱਜ ਕਿਸੇ ਹੋਰ ਮਾਮਲੇ ਦੀ ਸੁਣਵਾਈ ਕਰ ਰਹੇ ਸਨ। ਉਸ ਦਿਨ ਅਰਜ਼ੀ ਜਸਟਿਸ ਰਸਤੋਗੀ ਅਤੇ ਰਵੀਕੁਮਾਰ ਦੇ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਸੀ। ਬਿਲਕੀਸ ਬਾਨੋ ਨੇ ਪਿਛਲੇ ਸਾਲ 30 ਨਵੰਬਰ ਨੂੰ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਗੁਜਰਾਤ ਸਰਕਾਰ ਵੱਲੋਂ ਉਮਰ ਕੈਦ ਭੁਗਤ ਰਹੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਗੁਜਰਾਤ ਸਰਕਾਰ ਨੇ ਪਿਛਲੇ ਸਾਲ 15 ਅਗਸਤ ਨੂੰ ਚੰਗੇ ਚਾਲ-ਚਲਣ ਦਾ ਹਵਾਲਾ ਦਿੰਦਿਆਂ ਸਾਰੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਸੀ।